ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਦਿੱਲੀ ਵਿੱਚ ਪਾਣੀ ਦੇ ਸੰਕਟ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਪਾਂਸਰ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਿੰਘ ਨੇ ਭਾਜਪਾ ‘ਤੇ ਰਾਸ਼ਟਰੀ ਰਾਜਧਾਨੀ ਦੇ ਨਿਵਾਸੀਆਂ ਖ਼ਿਲਾਫ਼ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ, “ਅਸੀਂ ਮੰਨਦੇ ਹਾਂ ਕਿ ਪਿਆਸੇ ਨੂੰ ਪਾਣੀ ਦੇਣ ਤੋਂ ਵੱਡਾ ਕੋਈ ਪੁੰਨ ਨਹੀਂ ਤੇ ਪਾਣੀ ਨੂੰ ਰੋਕਣ ਤੋਂ ਵੱਡਾ ਕੋਈ ਪਾਪ ਨਹੀਂ ਹੈ।”
ਸਿੰਘ ਨੇ ਦੋਸ਼ ਲਗਾਇਆ ਕਿ ਮੈਂ ਕਹਿ ਰਿਹਾ ਹਾਂ ਕਿ ਇਹ ਭਾਜਪਾ ਦੁਆਰਾ ਸਪਾਂਸਰਡ ਜਲ ਸੰਕਟ ਹੈ। ਭਾਜਪਾ ਚਾਹੁੰਦੀ ਹੈ ਕਿ ਦਿੱਲੀ ਦੇ ਲੋਕਾਂ ਨੂੰ ਪਾਣੀ ਨਾ ਮਿਲੇ ਅਤੇ ਉਹ ਇਸ ਨੂੰ ਯਕੀਨੀ ਬਣਾਉਣ ਲਈ ਸਾਜ਼ਿਸ਼ ਰਚ ਰਹੇ ਹਨ। ਉਹਨਾਂ ਨੇ ਕਿਹਾ ਕਿ ਦਿੱਲੀ ਨੂੰ ਹਰਿਆਣਾ ਤੋਂ ਪਾਣੀ ਮਿਲਦਾ ਹੈ ਅਤੇ ਜਦੋਂ ਭਾਜਪਾ ਸ਼ਾਸਿਤ ਸੂਬਾ ਲੋੜੀਂਦਾ ਪਾਣੀ ਨਹੀਂ ਦਿੰਦਾ ਤਾਂ ਪਾਣੀ ਦੀ ਕਮੀ ਹੋ ਜਾਂਦੀ ਹੈ।
ਉਹਨਾਂ ਨੇ ਦਾਅਵਾ ਕੀਤਾ ਹੈ ਕਿ ਸਾਨੂੰ ਆਪਣੀਆਂ ਮੰਗਾਂ ਦੇ ਹਿਸਾਬ ਨਾਲ ਪਾਣੀ ਨਹੀਂ ਮਿਲ ਰਿਹਾ। ਜਦੋਂ ਅਸੀਂ ਹਰਿਆਣਾ ਸਰਕਾਰ ਨੂੰ ਬੇਨਤੀ ਕਰਦੇ ਹਾਂ ਤਾਂ ਉਹ ਨਹੀਂ ਸੁਣਦੇ। ਅਸੀਂ ਉਪ ਰਾਜਪਾਲ ਨੂੰ ਬੇਨਤੀ ਕਰਦੇ ਹਾਂ ਪਰ ਉਹ ਜ਼ਰੂਰੀ ਕੰਮ ਨਹੀਂ ਕਰਦੇ। ਪਿਛਲੇ ਕੁਝ ਹਫ਼ਤਿਆਂ ਤੋਂ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ‘ਚ ਪਾਣੀ ਦੀ ਕਮੀ ਹੈ। ਪਾਣੀ ਦੀ ਸਪਲਾਈ ਘੱਟ ਹੋਣ ਜਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਪ੍ਰਾਈਵੇਟ ਟੈਂਕਰਾਂ ਤੋਂ ਪਾਣੀ ਲੈ ਰਹੇ ਹਨ।