ਆਮ ਆਦਮੀ ਪਾਰਟੀ ਗਿੱਦੜਬਾਹਾ ਜ਼ਿਮਨੀ ਚੋਣ ਨੂੰ ਜਿੱਤਣ ਲਈ ਕਰਨ ਲੱਗੀ ਤਿਆਰੀ

ਮੁੱਖ ਮੰਤਰੀ ਮਾਨ ਨੇ ਇਲਾਕੇ ਦਾ ਕੀਤਾ ਦੌਰਾ, ਚੋਣ ਇੰਚਾਰਜ ਵੀ ਹੋਏ ਸਰਗਰਮ
ਚੰਡੀਗੜ੍ਹ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਧਿਆਨ ਹੁਣ ਗਿੱਦੜਬਾਹਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਜਿੱਤਣ ਵੱਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਗਿੱਦੜਬਾਹਾ ਇਲਾਕੇ ਦਾ ਦੌਰਾ ਕੀਤਾ ਗਿਆ ਜਦਕਿ ਉਪ ਚੋਣ ਲਈ ਲਗਾਏ ਗਏ ਇੰਚਾਰਜ ਅਤੇ ਸਹਿ ਇੰਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਗਿੱਦੜਬਾਹਾ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਏ ਹਨ। ਇਨ੍ਹਾਂ ਆਗੂਆਂ ਵੱਲੋਂ ਇਲਾਕੇ ਦਾ ਦੌਰਾ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਗਿੱਦੜਬਾਹਾ ਤੋਂ ‘ਆਪ’ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਉਣਾ ਚਾਹੁੰਦੀ ਹੈ ਜੋ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਿਆ ਹੋਵੇ। ਧਿਆਨ ਰਹੇ ਕਿ ਗਿੱਦੜਬਾਹਾ ਸੀਟ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੀਨੀਅਰ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਪਰ ਰਾਜਾ ਵੜਿੰਗ ਵੱਲੋਂ ਲੁਧਿਆਣਾ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ ਅਤੇ ਇਥੇ ਹੁਣ ਜ਼ਿਮਨੀ ਚੋਣ ਹੋਣੀ ਹੈ।