ਐਕਸ਼ਨ ‘ਚ CM ਸੈਣੀ : ਦੀਵਾਲੀ ਤੋਂ ਬਾਅਦ ਕਰਨ ਵਾਲੇ ਹਨ ਕਈ ਵੱਡੇ ਬਦਲਾਅ

ਹਰਿਆਣਾ ਡੈਸਕ : ਦੀਵਾਲੀ ਦੇ ਤਿਉਹਾਰ ਤੋਂ ਬਾਅਦ ਹਰਿਆਣਾ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਖ਼ਬਰ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਗੜਬੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸੈਣੀ ਸਰਕਾਰ ਛੇਤੀ ਹੀ ਕਾਰਵਾਈ ਕਰ ਸਕਦੀ ਹੈ। ਇਸ ਦੀ ਸ਼ੁਰੂਆਤ ਜ਼ਿਲ੍ਹਿਆਂ ਦੇ ਐੱਸਪੀ ਅਤੇ ਡੀਸੀ ਦੇ ਤਬਾਦਲੇ ਨਾਲ ਹੋਵੇਗੀ। ਹਾਲਾਂਕਿ ਇਸ ਸਬੰਧ ‘ਚ ਸਰਕਾਰ ਵੱਲੋਂ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਾਇਬ ਸੈਣੀ ਅਜਿਹੇ ਅਧਿਕਾਰੀਆਂ ਦੀ ਸੂਚੀ ਤਿਆਰ ਕਰ ਰਹੇ ਹਨ, ਜਿਨ੍ਹਾਂ ਬਾਰੇ ਵਿਧਾਨ ਸਭਾ ਚੋਣਾਂ ਦੌਰਾਨ ਸ਼ਿਕਾਇਤਾਂ ਆਈਆਂ ਸਨ ਅਤੇ ਜਿਨ੍ਹਾਂ ‘ਤੇ ਚੋਣਾਂ ‘ਚ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਦੋਸ਼ ਲੱਗੇ ਸਨ।
ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਵਿਧਾਇਕਾਂ ਅਤੇ ਜ਼ਿਲ੍ਹਾ ਮੁਖੀਆਂ ਨੇ ਅਜਿਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ-ਇੱਕ ਰਿਪੋਰਟ ਸੈਣੀ ਸਰਕਾਰ ਨੂੰ ਦਿੱਤੀ ਹੈ। ਇਨ੍ਹਾਂ ਵਿੱਚ ਕਈ ਜ਼ਿਲ੍ਹਿਆਂ ਦੇ ਡੀਸੀ, ਐੱਸਪੀ, ਐੱਸਡੀਐੱਮ ਅਤੇ ਡੀਐੱਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ। ਜਿਸ ਦਾ ਤਬਾਦਲਾ ਸੈਣੀ ਸਰਕਾਰ ਜਲਦ ਹੀ ਕਰਵਾ ਸਕਦੀ ਹੈ। ਮੁੱਖ ਸਕੱਤਰ ਟੀਵੀਐੱਸਐੱਨ ਪ੍ਰਸਾਦ ਵੀ 31 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ। ਅਜਿਹੇ ‘ਚ ਉਨ੍ਹਾਂ ਦੇ ਜਾਣ ਤੋਂ ਬਾਅਦ ਅਫ਼ਸਰਸ਼ਾਹੀ ‘ਚ ਬਦਲਾਅ ਦੀ ਪੂਰੀ ਸੰਭਾਵਨਾ ਹੈ। ਦੱਸ ਦੇਈਏ ਕਿ 5 ਅਕਤੂਬਰ ਨੂੰ ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਈਆਂ ਸਨ। ਭਾਜਪਾ ਨੇ 48 ਸੀਟਾਂ ਜਿੱਤ ਕੇ ਸੂਬੇ ‘ਚ ਤੀਜੀ ਵਾਰ ਆਪਣੀ ਸਰਕਾਰ ਬਣਾਈ ਹੈ। ਜਦਕਿ ਕਾਂਗਰਸ 37 ਵਿਧਾਨ ਸਭਾ ਸੀਟਾਂ ਤੱਕ ਸੀਮਤ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਕੁਝ ਅਧਿਕਾਰੀਆਂ ‘ਤੇ ਚੋਣਾਂ ਦੌਰਾਨ ਬੇਨਿਯਮੀਆਂ ਦੇ ਦੋਸ਼ ਲੱਗੇ ਹਨ।