ਚੰਡੀਗੜ੍ਹ : ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਕਿਸੇ ਵੀ ਮੁੱਦੇ ‘ਤੇ ਅੜਿੱਕਾ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ’ਚ ਸ਼ਾਮਲ ਹੋਏ ਹਨ। ਉਹ ਕੇਂਦਰ ਨਾਲ ਪੰਜਾਬੀਆਂ ਦੀ ਕੁੜੱਤਣ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਲੋਕ ਚਾਹੁਣ ਤਾਂ ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਉਣਗੇ। ਉਹ ਪੰਜਾਬ ਦਾ ਹਰ ਮੁੱਦਾ ਕੇਂਦਰ ਅੱਗੇ ਰੱਖਣਗੇ। ਹੁਣ ਉਹ ਕੇਂਦਰ ਸਰਕਾਰ ’ਚ ਹਨ, ਸਭ ਦੀ ਸੁਣਨਗੇ।
ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜਦੋਂ ਉਹ 2009 ‘ਚ ਪਹਿਲੀ ਵਾਰ ਸੰਸਦ ਮੈਂਬਰ ਬਣੇ ਸਨ, ਉਦੋਂ ਤੋਂ ਹੀ ਇਹ ਮੁੱਦਾ ਉੱਠ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਧਿਆਨ ’ਚ ਹੈ ਤੇ ਪਹਿਲ ਦੇ ਆਧਾਰ ’ਤੇ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਕਿਹਾ, ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕਰਾਂਗੇ ਮੁਲਾਕਾਤ
ਰਵਨੀਤ ਸਿੰਘ ਬਿੱਟੂ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਉਹ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਦੀ ਰਿਹਾਈ ਲਈ ਰਣਨੀਤੀ ਬਾਰੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਅੰਮ੍ਰਿਤਪਾਲ ਨੂੰ ਜੇਲ੍ਹ ’ਚ ਮਿਲਣ ’ਤੇ ਉਨ੍ਹਾਂ ਦਾ ਪਰਿਵਾਰ ਕੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਲੋਕ ਸਭਾ ਚੋਣ ਲੜੀ ਪਰ ਲੋਕਾਂ ਨੇ ਜੇਲ੍ਹ ’ਚ ਬੈਠੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਜ਼ਬਰਦਸਤ ਜਿੱਤ ਦਿਵਾਈ ਹੈ।