ਕੇਜਰੀਵਾਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, CM ਅਹੁਦੇ ਤੋਂ ਹਟਾਉਣ ਦੀ ਦੂਜੀ ਪਟੀਸ਼ਨ ਵੀ ਕੀਤੀ ਰੱਦ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ।
ਦੱਸ ਦੇਈਏ ਕਿ ਹਿੰਦੂ ਸੈਨਾ ਨਾਂ ਦੀ ਜਥੇਬੰਦੀ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਵੱਲੋਂ ਦਾਇਰ ਪਟੀਸ਼ਨ ਵਿੱਚ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ।
ਹਾਈ ਕੋਰਟ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨਾਲੋਂ ਰਾਸ਼ਟਰੀ ਹਿੱਤਾਂ ਨੂੰ ਪਹਿਲ ਦੇਣੀ ਪੈਂਦੀ ਹੈ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀ.ਐੱਸ. ਅਰੋੜਾ ਦੇ ਬੈਂਚ ਨੇ ਕਿਹਾ ਕਿ ਕਈ ਵਾਰ ਰਾਸ਼ਟਰੀ ਹਿੱਤਾਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਰੱਖਣਾ ਪੈਂਦਾ ਹੈ ਪਰ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਅਦਾਲਤ ਵਜੋਂ ਸਾਨੂੰ ਕਾਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਤੁਹਾਡਾ ਹੱਲ ਇੱਥੇ ਨਹੀਂ, ਕਿਤੇ ਹੋਰ ਹੈ। ਤੁਸੀਂ ਸਮਰੱਥ ਅਥਾਰਟੀ ਕੋਲ ਜਾਓ। ਬੈਂਚ ਨੇ ਕਿਹਾ ਕਿ ਇਸ ਨੇ ਹਾਲ ਹੀ ਵਿੱਚ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਇਸੇ ਤਰ੍ਹਾਂ ਦੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਇਸ ਲਈ ਇਹ ਕੋਈ ਵੱਖਰਾ ਸਟੈਂਡ ਨਹੀਂ ਲੈ ਸਕਦਾ।
ਪਟੀਸ਼ਨਕਰਤਾ ਦੇ ਵਕੀਲ ਵਿਸ਼ਨੂੰ ਗੁਪਤਾ ਨੇ ਕਿਹਾ ਕਿ ਕਿਉਂਕਿ ਅਦਾਲਤ ਨੇ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਉਸ ਨੂੰ ਪਟੀਸ਼ਨ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਉਪ ਰਾਜਪਾਲ ਕੋਲ ਪਹੁੰਚ ਕਰਨਗੇ। ਅਦਾਲਤ ਨੇ ਪਟੀਸ਼ਨਕਰਤਾ ਨੂੰ ਇਸ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।