ਨਵੀਂ ਦਿੱਲੀ : ਪੰਜਾਬ, ਗੋਆ ਅਤੇ ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੀ ਚੁੱਪੀ ਤੋੜਦਿਆਂ ਕਿਹਾ ਹੈ ਕਿ ਉਨ੍ਹਾਂ ਕੋਲੋਂ ਗਲਤੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਵਿਚ ਮੇਰੀ ਵਲੰਟੀਅਰਾਂ ਅਤੇ ਵੋਟਰਾਂ ਨਾਲ ਮੁਲਾਕਾਤ ਹੋਈ ਹੈ ਅਤੇ ਸੱਚਾਈ ਇਹ ਹੈ ਕਿ ਸਾਡੇ ਕੋਲੋਂ ਗਲਤੀਆਂ ਹੋਈਆਂ ਹਨ ਅਤੇ ਅਸੀਂ ਇਨ੍ਹਾਂ ਦਾ ਆਤਮ ਮੰਥਨ ਕਰਕੇ ਇਨ੍ਹਾਂ ਵਿਚ ਸੁਧਾਰ ਕਰਾਂਗੇ|
ਟਵਿੱਟਰ ਉਤੇ ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀਆਂ ਗਲਤੀਆਂ ਨੂੰ ਸੁਧਾਰੀਏ ਅਤੇ ਉਨ੍ਹਾਂ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰੀਏ|
ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਵਿਚ ਉਨ੍ਹਾਂ ਦੀ ਪਾਰਟੀ ਦੀ ਹਾਰ ਈ.ਵੀ.ਐਮ ਵਿਚ ਗੜਬੜੀਆਂ ਕਾਰਨ ਹੋਈ ਹੈ ਨਾ ਕਿ ਵੋਟਰਾਂ ਕਰਕੇ| ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਕੁਮਾਰ ਵਿਸ਼ਵਾਸ ਨੇ ਕੱਲ੍ਹ ਇਹ ਗੱਲ ਆਖੀ ਸੀ ਕਿ ਉਨ੍ਹਾਂ ਦੀ ਪਾਰਟੀ ਈ.ਵੀ.ਐਮ ਕਾਰਨ ਨਹੀਂ ਬਲਕਿ ਵੋਟਰਾਂ ਕਾਰਨ ਹਾਰੀ ਹੈ|