ਖ਼ਾਲਿਸਤਾਨੀ ਅੱਤਵਾਦੀ ਨਿੱਜਰ ਦੇ ਕਤਲ ਮਾਮਲੇ ‘ਚ ਭਾਰਤ ਨੇ ਖਾਰਜ ਕੀਤਾ ਕੈਨੇਡਾ ਦਾ ਦੋਸ਼, ਆਖੀ ਇਹ ਗੱਲ

ਨੈਸ਼ਨਲ ਡੈਸਕ : ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਜਰ ਦੇ ਕਤਲ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ‘ਤੇ ਹੁਣ ਭਾਰਤ ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤ, ਕੈਨੇਡਾ ਦੇ ਦੋਸ਼ਾਂ ਨੂੰ ਖਾਰਜ ਕਰਦਾ ਹੈ। ਅਸੀਂ ਉਨ੍ਹਾਂ ਦੀ ਸੰਸਦ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਦੇਖਿਆ ਹੈ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਵੀ ਖਾਰਜ ਕੀਤਾ ਹੈ।
ਕੈਨੇਡਾ ‘ਚ ਹਿੰਸਾ ਦੇ ਕਿਸੇ ਵੀ ਕੰਮ ‘ਚ ਭਾਰਤ ਸਰਕਾਰ ਦੀ ਹਿੱਸੇਦਾਰੀ ਦੇ ਦੋਸ਼ ਬੇਬੁਨਿਆਦ ਹਨ। ਬਿਆਨ ‘ਚ ਕਿਹਾ ਗਿਆ ਹੈ ਕਿ ਕੈਨੇਡਾ ਦੇ ਦੋਸ਼ ਝੂਠੇ ਅਤੇ ਗੁੰਮਰਾਹ ਕਰਨ ਵਾਲੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਦੋਸ਼ ਕੈਨੇਡਾ ‘ਚ ਖ਼ਾਲਿਸਤਾਨੀ ਅੱਤਵਾਦੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਦੇ ਹਨ।
ਭਾਰਤ, ਕੈਨੇਡਾ ‘ਚ ਹਿੰਸਾ ਦੇ ਕਿਸੇ ਵੀ ਕੰਮ ‘ਚ ਸ਼ਾਮਲ ਹੋਣ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸ ਕੇ ਖਾਰਜ ਕਰਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਪਿੱਛੇ ਭਾਰਤ ਦਾ ਕੁਨੈਕਸ਼ਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਹਰਦੀਪ ਸਿੰਘ ਨਿੱਜਰ ਦੇ ਕਤਲ ਵਿਚਕਾਰ ਕੁਨੈਕਸ਼ਨ ਦੀ ਜਾਂਚ ਕਰਨ ‘ਚ ਜੁੱਟੀਆਂ ਹਨ।