ਚੰਡੀਗੜ੍ਹ – 4 ਫਰਵਰੀ 2017 ਨੂੰ ਪੈਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ 2 ਫਰਵਰੀ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਸਮਾਪਤ ਹੋਣ ‘ਤੇ ਆਖਰੀ 48 ਘੰਟਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਕਮਿਸ਼ਨ ਨੇ ਅੱਜ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਜਾਣਕਾਰੀ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਵੀ.ਕੇ.ਸਿੰਘ ਨੇ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਵੀ.ਕੇ.ਸਿੰਘ ਨੇ ਦੱਸਿਆ ਕਿ ਨਵੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ 2 ਫਰਵਰੀ 2017 ਨੂੰ ਸ਼ਾਮ 5 ਵਜੇ ਤੋਂ ਬਾਅਦ ਜਿੱਥੇ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਇਲੈਕਟ੍ਰਾਨਿਕ ਮੀਡੀਆ ਉਪਰ ਚਲਾਏ ਜਾ ਰਹੇ ਇਸ਼ਤਿਹਾਰ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਉਥੇ ਨਾਲ ਹੀ ਹੁਣ ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ 4 ਫਰਵਰੀ 2017 ਨੂੰ ਸ਼ਾਮ 5 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਆਖਰੀ 24 ਘੰਟਿਆਂ ਦੌਰਾਨ ਆਮ ਜਨਤਾ ਦੇ ਦੋ ਪਹੀਆ ਵਾਹਨ ਵਰਤਣ ਉਪਰ ਕਿਸੇ ਕਿਸਮ ਦੀ ਕੋਈ ਪਾਬੰਦੀ ਨਹੀਂ ਹੈ ਜਦੋਂ ਕਿ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਤਹਿਤ ਰਾਜਸੀ ਪਾਰਟੀਆਂ ਅਤੇ ਉਮੀਦਵਾਰ ਵੱਲੋਂ ਦੋ ਪਹੀਆ ਵਾਹਨ ਵਰਤਣ ‘ਤੇ ਪਾਬੰਦੀ ਰਹੇਗੀ।