ਤਿਹਾੜ ਜੇਲ੍ਹ ਪਹੁੰਚੇ ਸੌਰਭ ਭਾਰਦਵਾਜ, CM ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ- ਸੌਰਭ ਭਾਰਦਵਾਜ ਅੱਜ ਯਾਨੀ ਬੁੱਧਵਾਰ ਨੂੰ ਤਿਹਾੜ ਜੇਲ੍ਹ ਪਹੁੰਚ ਗਏ ਹਨ। ਸੌਰਭ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨਾਲ ਮੁਲਾਕਾਤ ਕਰਨਗੇ, ਜੋ ਦਿੱਲੀ ਸ਼ਰਾਬ ਨਿਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। 15 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ ਇੰਚਾਰਜ ਡਾ: ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਸਨ।
ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਤੇ ਉਨ੍ਹਾਂ ਵੱਲੋਂ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਜੇਲ੍ਹ ਅੰਦਰੋ ਸਰਕਾਰ ਚਲਾਉਣ ਦੀ ਗੱਲ ਕਹੀ ਜਾ ਰਹੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਵੀ ਉਨ੍ਹਾਂ ਨੇ ਸਰਕਾਰ ਵੱਲੋਂ ਕੁਝ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਚਿੱਠੀਆਂ ਰਾਹੀਂ ਦੇਸ਼ ਦੇ ਲੋਕਾਂ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਸੁਨੇਹੇ ਦਿੱਤੇ ਹਨ। ਅੱਜ ਵੀ ਸੌਰਭ ਭਾਰਦਵਾਜ ਨਾਲ ਮੁਲਾਕਾਤ ਦੌਰਾਨ ਉਹ ਕੋਈ ਸੁਨੇਹਾ ਭੇਜ ਸਕਦੇ ਹਨ।