ਨਵੀਂ ਦਿੱਲੀ : ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਸਥਿਤ ਛਤਰਪੁਰ ਮੈਟਰੋ ਸਟੇਸ਼ਨ ਨੇੜੇ ਵੀਰਵਾਰ ਦੁਪਹਿਰ ਨੂੰ ਪੁਰਾਣੀ ਰੰਜਿਸ਼ ਨੂੰ ਲੈ ਕੇ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 1 ਵਜੇ ਸੀਡੀਆਰ ਚੌਕ ‘ਤੇ ਉਸ ਸਮੇਂ ਵਾਪਰੀ, ਜਦੋਂ ਅਰੁਣ ਲੋਹੀਆ ਆਪਣੀ ਐਸਯੂਵੀ ‘ਤੇ ਜਾ ਰਹੇ ਸਨ।
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, “ਪਹਿਲੀ ਨਜ਼ਰੇ ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਜਾਪਦਾ ਹੈ। ਪੀੜਤ ਅਤੇ ਦੋਸ਼ੀ ਇੱਕੋ ਪਿੰਡ ਦੇ ਹਨ ਅਤੇ ਇੱਕ ਦੂਜੇ ਨੂੰ ਜਾਣਦੇ ਹਨ। ਦੋਵਾਂ ਧਿਰਾਂ ਵਿਚਕਾਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।” ਉਨ੍ਹਾਂ ਕਿਹਾ ਕਿ ਲੋਹੀਆ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਘਟਨਾ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਕਈ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਹਮਲਾਵਰਾਂ ਨੇ ਲੋਹੀਆ ‘ਤੇ ਘੱਟੋ-ਘੱਟ 10 ਰਾਉਂਡ ਫਾਇਰ ਕੀਤੇ। ਪੁਲਸ ਨੇ ਉਸਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ।