ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਕੈਂਸਰ ਦੇ ਇਲਾਜ ਨੂੰ ਲੈ ਕੇ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਦੇ ਦਾਅਵੇ ਵਿਰੁੱਧ ਦਾਇਰ ਪਟੀਸ਼ਨ ’ਤੇ ਬੁੱਧਵਾਰ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਇਸ ਨੂੰ ਰੱਦ ਕਰ ਦਿੱਤਾ। ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਕੁਝ ਇਲਾਜਾਂ ਨੇ ਉਨ੍ਹਾਂ ਦੀ ਪਤਨੀ ਨੂੰ ਸਟੇਜ 4 ਦੇ ਕੈਂਸਰ ਨਾਲ ਲੜਨ ’ਚ ਮਦਦ ਕੀਤੀ। ਅਦਾਲਤ ਨੇ ਕਿਹਾ ਕਿ ਦੇਸ਼ ’ਚ ਅਜੇ ਵੀ ਪ੍ਰਗਟਾਵੇ ਦੀ ਆਜ਼ਾਦੀ ਹੈ।
ਚੀਫ਼ ਜਸਟਿਸ ਮਨਮੋਹਨ ਤੇ ਜਸਟਿਸ ਤੁਸ਼ਾਰ ਰਾਓ ’ਤੇ ਅਾਧਾਰਿਤ ਬੈਂਚ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਨੇ ਸਿਰਫ਼ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਪਟੀਸ਼ਨਕਰਤਾ ਵੀ ਆਪਣਾ ਜਵਾਬੀ ਦਾਅਵਾ ਪੇਸ਼ ਕਰਨ ਲਈ ਆਜ਼ਾਦ ਹੈ।
ਬੈਂਚ ਨੇ ਇਹ ਵੀ ਕਿਹਾ ਕਿ ਪਟੀਸ਼ਨਰ ਇਹ ਨਹੀਂ ਕਹਿ ਸਕਦਾ ਕਿ ਪ੍ਰਗਟਾਵੇ ਦੀ ਆਜ਼ਾਦੀ ’ਤੇ ਰੋਕ ਲਾਈ ਜਾਣੀ ਚਾਹੀਦੀ ਹੈ। ਪਟੀਸ਼ਨਰ ਉਨ੍ਹਾਂ ਦੇ ਦਾਅਵੇ ਦਾ ਜਵਾਬ ਦੇ ਸਕਦਾ ਹੈ। ਇਹ ਸਾਡਾ ਅਧਿਕਾਰ ਖੇਤਰ ਨਹੀਂ ਹੈ। ਜੇ ਪਟੀਸ਼ਨਰ ਸਿੱਧੂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਤਾਂ ਉਨ੍ਹਾਂ ਦੀ ਗੱਲ ਨਾ ਸੁਣੋ। ਬਹੁਤ ਸਾਰੀਆਂ ਕਿਤਾਬਾਂ ਹਨ ਜੋ ਪਟੀਸ਼ਨਰ ਨੂੰ ਬੁਰੀਆਂ ਲੱਗ ਸਕਦੀਆਂ ਹਨ, ਉਨ੍ਹਾਂ ਨੂੰ ਪਟੀਸ਼ਨਰ ਨਾ ਪੜ੍ਹੇ। ਉਨ੍ਹਾਂ ਨੂੰ ਇਨ੍ਹਾਂ ਨੂੰ ਪੜ੍ਹਨ ਲਈ ਕੌਣ ਕਹਿ ਰਿਹਾ ਹੈ?