ਨਵੇਂ ਚੁਣੇ ਗਏ ਪੰਚਾਂ ਲਈ ਜ਼ਰੂਰੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ- ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਨੂੰ ਸਹੁੰ ਚੁਕਵਾਉਣ ਦੀ ਤਿਆਰੀ ਹੈ। 19 ਨਵੰਬਰ ਨੂੰ ਪੰਚਾਂ ਨੂੰ ਸਹੁੰ ਚੁਕਵਾਈ ਜਾਵੇਗੀ, ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਪਿੰਡਾਂ ‘ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ।
ਇਸ ਸਮਾਗਮ ਦੌਰਾਨ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਨੂੰ ਸਹੁੰ ਨਹੀਂ ਸੀ ਚੁਕਵਾਈ ਗਈ। ਇਨ੍ਹਾਂ ਜ਼ਿਲ੍ਹਿਆਂ ਦੇ ਅਧੀਨ ਪੈਂਦੇ ਪਿੰਡਾਂ ਦਾ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਤੋਂ ਬਾਅਦ ਹੋਵੇਗਾ। ਇਨ੍ਹਾਂ ਸੀਟਾਂ ‘ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ, ਜਿਨ੍ਹਾਂ ਦਾ ਨਤੀਜਾ 23 ਨਵੰਬਰ ਨੂੰ ਐਲਾਨਿਆ ਜਾਵੇਗਾ।