ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ‘ਚ ‘ਆਪਰੇਸ਼ਨ ਸਿੰਦੂਰ’ ਦੌਰਾਨ ਪਾਕਿਸਤਾਨੀ ਗੋਲਾਬਾਰੀ ਨਾਲ ਨੁਕਸਾਨੇ ਗਏ ਘਰਾਂ ਲਈ 25 ਕਰੋੜ ਰੁਪਏ ਦੀ ਵਾਧੂ ਸਹਾਇਤਾ ਮਨਜ਼ੂਰ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ‘ਚ ਐਲਾਨ ਕੀਤਾ ਸੀ ਕਿ ਪਾਕਿਸਤਾਨੀ ਗੋਲਾਬਾਰੀ ਨਾਲ ਪੂਰੀ ਤਰ੍ਹਾਂ ਨੁਕਸਾਨੇ ਗਏ ਹਰੇਕ ਘਰ ਲਈ 2 ਲੱਖ ਰੁਪਏ ਅਤੇ ਅੰਸ਼ਿਕ ਤੌਰ ‘ਤੇ (ਘੱਟ) ਨੁਕਸਾਨੇ ਗਏ ਘਰ ਲਈ 1 ਲੱਖ ਰੁਪਏ ਦੀ ਵਾਧੂ ਸਹਾਇਤਾ ਦਿੱਤੀ ਜਾਵੇਗੀ।
ਇਕ ਅਧਿਕਾਰਤ ਬਿਆਨ ਅਨੁਸਾਰ, ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2,060 ਘਰਾਂ ਲਈ ਗ੍ਰਹਿ ਮੰਤਰਾਲਾ ਤੋਂ 25 ਕਰੋੜ ਰੁਪਏ ਦੀ ਵਾਧੂ ਵਿਵਸਥਾ ਕਰ ਕੇ ਤੁਰੰਤ ਕਾਰਵਾਈ ਯਕੀਨੀ ਕੀਤਾ। ਬਿਆਨ ‘ਚ ਇਹ ਵੀ ਕਿਹਾ ਗਿਆ ਕਿ ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਵੀ ਮਦਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਅਮਿਤ ਸ਼ਾਹ ਨੇ 29-30 ਮਈ ਨੂੰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁੰਛ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੀ ਸੌਂਪੇ ਸਨ। ਨਿਯਮਾਂ ਅਨੁਸਾਰ, ਸਰਹੱਦ ਪਾਰ ਗੋਲੀਬਾਰੀ ਨਾਲ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ਾ ਪ੍ਰਦਾਨ ਕੀਤਾ ਜਾਂਦਾ ਹੈ। ਆਪਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ‘ਚ ਕਈ ਵਾਰ ਗੋਲੀਬਾਰੀ ਦੀਆਂ ਘਟਨਾਵਾਂ ਹੋਈਆਂ ਸਨ, ਜਿਸ ਨਾਲ ਸੈਂਕੜੇ ਪਰਿਵਾਰ ਪ੍ਰਭਾਵਿਤ ਹੋਏ ਸਨ। ਇਨ੍ਹਾਂ ਘਟਨਾਵਾਂ ‘ਚ ਰਿਹਾਇਸ਼ੀ ਖੇਤਰਾਂ ਦੇ ਨਾਲ-ਨਾਲ ਸਕੂਲਾਂ, ਧਾਰਮਿਕ ਸਥਾਨਾਂ ਅਤੇ ਵਪਾਰਕ ਜਾਇਦਾਦਾਂ ਨੂੰ ਵੀ ਨੁਕਸਾਨ ਪਹੁੰਚਿਆ ਸੀ।