ਨਵੀਂ ਦਿੱਲੀ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਲਈ ਹਾਲ ਹੀ ਵਿੱਚ ਹੋਈ ਉਪ ਚੋਣ ਵਿੱਚ ਉਹ ਸਦਨ ਦੀ ਮੈਂਬਰ ਵਜੋਂ ਚੁਣੀ ਗਈ ਹੈ। ਪ੍ਰਿਅੰਕਾ ਨੇ ਹਿੰਦੀ ਭਾਸ਼ਾ ਵਿੱਚ ਸਹੁੰ ਚੁੱਕੀ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ। ਮਹਾਰਾਸ਼ਟਰ ਦੇ ਨਾਂਦੇੜ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਕਾਂਗਰਸ ਨੇਤਾ ਰਵਿੰਦਰ ਬਸੰਤਰਾਓ ਚਵਾਨ ਨੇ ਵੀ ਸਦਨ ਦੀ ਮੈਂਬਰੀ ਦੀ ਸਹੁੰ ਚੁੱਕੀ। ਉਨ੍ਹਾਂ ਨੇ ਮਰਾਠੀ ਭਾਸ਼ਾ ਵਿੱਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਹੱਥ ਜੋੜ ਕੇ ਸਵਾਗਤ ਕੀਤਾ।
ਇਸ ਦੇ ਨਾਲ ਹੀ ਪ੍ਰਿਅੰਕਾ ਗਾਂਧੀ ਨੇ ਮੂਹਰਲੀ ਕਤਾਰ ‘ਚ ਬੈਠੇ ਵਿਰੋਧੀ ਧਿਰ ਦੇ ਨੇਤਾਵਾਂ ਦਾ ਵੀ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਸਦਨ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਨੇ ਵੀ ਪ੍ਰਿਅੰਕਾ ਦਾ ਹੱਥ ਜੋੜ ਕੇ ਸਵਾਗਤ ਕੀਤਾ। ਇਹ ਪਹਿਲੀ ਵਾਰ ਹੈ, ਜਦੋਂ ਸੰਸਦ ਵਿੱਚ ਗਾਂਧੀ-ਨਹਿਰੂ ਪਰਿਵਾਰ ਦੇ ਤਿੰਨ ਮੈਂਬਰ ਹੋਣਗੇ। ਪ੍ਰਿਅੰਕਾ ਦੇ ਭਰਾ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਰਾਜ ਸਭਾ ਦੀ ਮੈਂਬਰ ਹੈ। ਪ੍ਰਿਅੰਕਾ ਨੇ ਵਾਇਨਾਡ ਲੋਕ ਸਭਾ ਉਪ ਚੋਣ ਚਾਰ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤੀ ਹੈ। ਉਹ ਪਹਿਲੀ ਵਾਰ ਕਿਸੇ ਸਦਨ ਦੀ ਮੈਂਬਰ ਬਣੀ ਹੈ।
ਪ੍ਰਿਅੰਕਾ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਗਰਮ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਅਤੇ ਉਦੋਂ ਤੋਂ ਪਾਰਟੀ ਜਨਰਲ ਸਕੱਤਰ ਵਜੋਂ ਸੇਵਾ ਨਿਭਾ ਰਹੀ ਹੈ। ਲੋਕ ਸਭਾ ‘ਚ ਦੋ ਨਵੇਂ ਮੈਂਬਰਾਂ ਦੇ ਸਹੁੰ ਚੁੱਕਣ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਵੈੱਲ ‘ਚ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।