ਪੰਜਾਬ ‘ਚ ਬੇਅਦਬੀ ਖ਼ਿਲਾਫ਼ ਆਵੇਗਾ ਕਾਨੂੰਨ! ਇਤਿਹਾਸਕ ਹੋਵੇਗਾ ਵਿਧਾਨ ਸਭਾ ਇਜਲਾਸ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੱਦਿਆ ਜਾਣ ਵਾਲਾ ਵਿਸ਼ੇਸ਼ ਇਜਲਾਸ ਇਤਿਹਾਸਕ ਹੋਵੇਗਾ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਇਸ ਇਜਲਾਸ ‘ਚ ਮਾਨ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਕਾਨੂੰਨ ਲਿਆ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ‘ਚ ਪਿਛਲੇ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਕਾਨੂੰਨ ਬਣਾਉਣ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਇਜਲਾਸ ਦੌਰਾਨ ਪੰਜਾਬ ਦੇ ਲੋਕਾਂ ਦੀ ਇਸ ਮੰਗ ਨੂੰ ਮਾਨ ਸਰਕਾਰ ਵਲੋਂ ਪੂਰਾ ਕੀਤੇ ਜਾਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਹਾਲਾਂਕਿ ਇਸ ਤੋਂ ਪਹਿਲਾਂ 7 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ, ਜਿਸ ‘ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ‘ਤੇ ਮੋਹਰ ਲੱਗ ਸਕਦੀ ਹੈ।