ਪੰਜਾਬ ‘ਚ ਭਲਕੇ ਪਵੇਗਾ ਮੀਂਹ, ਸੰਘਣੀ ਧੁੰਦ ਲਈ ਮੌਸਮ ਦਾ Yellow Alert ਜਾਰੀ

ਜਲੰਧਰ – ਪੰਜਾਬ ਵਿਚ ਮੁੜ ਤੋਂ ਹੱਡ ਚੀਰਵੀਂ ਠੰਡ ਨੇ ਜ਼ੋਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਦੇ ਵੱਲੋਂ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ। ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫਿਲਹਾਲ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗ ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਤੋਂ ਬਾਅਦ 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ-ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 4 ਫਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਲਗਾਤਾਰ ਵੱਡੇ ਬਦਲਾਅ ਵੇਖਣ ਨੂੰ ਮਿਲ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਦਿਨ ਸਮੇਂ ਧੁੱਪ ਚੜ੍ਹਨ ਕਾਰਨ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ।
ਪੰਜਾਬ ਦੇ 8 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ
ਮੌਸਮ ਵਿਭਾਗ ਅਨੁਸਾਰ ਅੱਜ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਮੌਸਮ ‘ਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਮੀਦ ਹੈ ਕਿ ਇਥੇ ਸੰਘਣੀ ਧੁੰਦ ਹੋਵੇਗੀ। ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।