ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸ਼ੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਬੁਲਾਉਣ ਸਬੰਧੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸ਼ੈਸਨ 2 ਸਤੰਬਰ ਤੋਂ ਸ਼ੁਰੂ ਹੋ ਕੇ 4 ਸਤੰਬਰ ਤੱਕ ਚੱਲੇਗਾ। ਉਥੇ ਹੀ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਫਾਇਰ ਸੇਫਟੀ ਨਿਯਮਾਂ ’ਚ ਸੋਧ ਨੂੰ ਵੀ ਮਨਜ਼ੂਰੀ ਦਿੱਤੀ ਗਈ। ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਫੈਸਲਾ ਕੀਤਾ ਕਿ 31 ਜੁਲਾਈ 2024 ਤੱਕ ਜਿਨ੍ਹਾਂ ਲੋਕਾਂ ਦੇ ਜ਼ਮੀਨਾਂ ਦੇ ਬਿਆਨੇ ਜਾਂ ਰਜਿਸਟਰੀਆਂ ਹੋਈਆਂ ਹਨ ਉਨ੍ਹਾਂ ਹੁਣ ਐਨਓਸੀ ਲੈਣ ਦੀ ਲੋੜ ਨਹੀਂ ਹੋਵੇਗੀ। ਜਿਨ੍ਹਾਂ ਲੋਕਾਂ ਦਾ 31 ਜੁਲਾਈ 2024 ਤੱਕ ਸਿਰਫ਼ ਬਿਆਨਾ ਹੋਇਆ ਹੈ ਉਨ੍ਹਾਂ ਨੂੰ ਰਜਿਸਟਰੀ ਕਰਵਾਉਣ ਲਈ 2 ਨਵੰਬਰ ਤੱਕ ਦਾ ਸਮਾਂ ਦਿੱਤਾ ਜਾਵੇਗਾ ਪਰ ਉਸ ਤੋਂ ਲੇਟ ਹੋਣ ’ਤੇ ਐਨਓਸੀ ਲੈਣੀ ਲਾਜ਼ਮੀ ਹੋਵੇਗੀ।