ਬਾਦਲ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਐਲਾਨ

1ਚੰਡੀਗੜ੍ਹ : ਸੂਬਾ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਛੇਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਨ ਦਾ ਐਲਾਨ ਅੱਜ ਕਰ ਦਿੱਤਾ ਗਿਆ। ਇਸ ਬਾਰੇ ਫੈਸਲਾ ਸ. ਬਾਦਲ ਨੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਸਰਕਾਰ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਲਿਆ।
ਮੀਟਿੰਗ ਵਿੱਚ ਹਾਜ਼ਰ ਸਮੂਹ ਮੁਲਾਜ਼ਮ ਯੂਨੀਅਨਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਚਨਾ ਅਤੇ ਸੇਵਾ-ਸ਼ਰਤਾਂ ਨੂੰ ਪ੍ਰਸੋਨਲ ਵਿਭਾਗ ਵੱਲੋਂ ਛੇਤੀ ਹੀ ਅੰਤਮ ਰੂਪ ਦਿੱਤਾ ਜਾਵੇਗਾ। ਨਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਲਈ ਨਵੇਂ ਪੇ-ਸਕੇਲ ਅਤੇ ਸੂਬਾ ਸਰਕਾਰ ਦੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੇਣ ਸਬੰਧੀ ਆਪਣੀਆਂ ਸਿਫਾਰਸ਼ਾਂ ਦਿੱਤੀਆਂ ਜਾਣਗੀਆਂ।
ਮੁਲਾਜ਼ਮ ਯੂਨੀਅਨਾਂ ਦੀ ਇਕ ਹੋਰ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ, 2015 ਤੋਂ ਲਾਗੂ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਨਵਰੀ, 2016 ਤੋਂ ਅਦਾ ਕੀਤੀ ਜਾਵੇਗੀ।
ਜਨਵਰੀ, 2015 ਤੋਂ ਜੂਨ, 2015 ਤੱਕ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ ਕਰਨ ਬਾਰੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਬਕਾਇਆ ਅਗਲੇ ਦੋ ਮਹੀਨਿਆਂ ਵਿੱਚ ਅਦਾ ਕੀਤਾ ਜਾਵੇਗਾ।  ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੀ.ਪੀ.ਐਫ. ਕਢਵਾਉਣ ਲਈ ਸਬੰਧਤ ਬਿੱਲਾਂ ਦੀ ਅਦਾਇਗੀ ਅਗਸਤ, 2015 ਤੱਕ ਕੀਤੀ ਜਾ ਚੁੱਕੀ ਹੈ ਅਤੇ ਹੁਣ ਸਰਕਾਰ ਵੱਲੋਂ ਸਤੰਬਰ, 2015 ਤੋਂ ਲੈ ਕੇ ਬਾਅਦ ਦੇ ਬਿੱਲਾਂ ਦੀ ਅਦਾਇਗੀ ਛੇਤੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਦੇ ਸਮੂਹ ਨੁਮਾਇੰਦਿਆਂ ਨੇ ਸ. ਬਾਦਲ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਬਾਕੀ ਮਸਲਿਆਂ ਤੇ ਮੰਗਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।
ਇਸ ਮੌਕੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ. ਰੈਡੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਸਕੱਤਰ ਤਾਲਮੇਲ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਪ੍ਰਸੋਨਲ ਰਾਜੀ ਪੀ. ਸ੍ਰੀਵਾਸਤਵਾ, ਵਧੀਕ ਸਕੱਤਰ ਵਿੱਤ ਗੁਰਨੀਤ ਤੇਜ ਅਤੇ ਵਧੀਕ ਸਕੱਤਰ ਤਾਲਮੇਲ ਨੀਲਮਾ ਹਾਜ਼ਰ ਸਨ।

LEAVE A REPLY