ਭਾਰਤ-ਕੈਨੇਡਾ ਮਸਲੇ ‘ਤੇ ਸੁਖਬੀਰ ਬਾਦਲ ਦਾ ਬਿਆਨ, ਦੋਹਾਂ ਦੇਸ਼ਾਂ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ : ਭਾਰਤ ਅਤੇ ਕੈਨੇਡਾ ਵਿਚਕਾਰ ਪੈਦਾ ਹੋਈ ਤਲਖ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਮਸਲੇ ‘ਤੇ ਡੂੰਘੀ ਚਿੰਤਾ ਜਤਾਈ ਹੈ। ਦਰਅਸਲ ਭਾਰਤ ‘ਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਨੂੰ ਬਾਅਦ ‘ਚ ਹਟਾ ਦਿੱਤਾ ਗਿਆ।
ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਇਹ ਫ਼ੈਸਲਾ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਜਾਂ ਉਸ ਦੇਸ਼ ‘ਚ ਵਿਦਿਆਰਥੀਆਂ ਵਜੋਂ ਰਹਿ ਰਹੇ ਲੱਖਾਂ ਨੌਜਵਾਨ ਪੰਜਾਬੀਆਂ ਨੂੰ ਪ੍ਰਭਾਵਿਤ ਕਰੇਗਾ। ਇਹ ਪੰਜਾਬੀਆਂ ਲਈ ਖ਼ਾਸ ਤੌਰ ‘ਤੇ ਦੇਸ਼ ਭਗਤ ਸਿੱਖ ਭਾਈਚਾਰੇ ਲਈ, ਜਿਨ੍ਹਾਂ ਨਾ ਸਿਰਫ ਦੇਸ਼ ਦੀ ਆਜ਼ਾਦੀ ਲਈ, ਸਗੋਂ ਸਰਹੱਦਾਂ ‘ਤੇ ਵਿਦੇਸ਼ੀ ਹਮਲੇ ਦਾ ਟਾਕਰਾ ਕਰਨ ਲਈ ਵੀ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਬਹੁਤ ਵੱਡੀਆਂ ਰੁਕਾਵਟਾਂ ਅਤੇ ਚਿੰਤਾ ਕਰਨ ਵਾਲਾ ਮਸਲਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕੈਨੇਡਾ ‘ਚ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਆਪਣੇ ਵਤਨ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਅਨੇਕਾਂ ਫੋਨ ਕਾਲਾਂ ਅਤੇ ਸੰਦੇਸ਼ ਪ੍ਰਾਪਤ ਹੋ ਰਹੇ ਹਨ। ਸੁਖਬੀਰ ਬਾਦਲ ਨੇ ਅਪੀਲ ਕੀਤੀ ਹੈ ਕਿ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਣਾ ਚਾਹੀਦਾ ਹੈ।