ਮੋਹਾਲੀ ਅਦਾਲਤ ‘ਚ ਮਜੀਠੀਆ ਦੀ ਪੇਸ਼ੀ, ਹੁਣ ਜਾਣਗੇ ਜੇਲ੍ਹ

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਜੀਠੀਆ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਹੈ। ਵਿਜੀਲੈਂਸ ਵਲੋਂ ਇਸ ਤੋਂ ਪਹਿਲਾਂ ਮਜੀਠੀਆ ਦਾ 2 ਵਾਰ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ, ਜਿਸ ‘ਚ ਦੱਸਿਆ ਗਿਆ ਸੀ ਕਿ ਮਜੀਠੀਆ ਦੀ ਜਾਇਦਾਦ ਦਾ ਸ਼ਿਮਲਾ, ਦਿੱਲੀ, ਸਰਾਇਆ ਕੰਪਨੀ ਨਾਲ ਸਬੰਧ ਹੈ। ਸਰਕਾਰੀ ਵਕੀਲਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਲੋੜ ਪਈ ਤਾਂ ਮਜੀਠੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਮਜੀਠੀਆ ਦੀ ਪੇਸ਼ੀ ਮੌਕੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।