ਜਲੰਧਰ/ਚੰਡੀਗੜ੍ਹ – ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲਗਾਤਾਰ 11 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਮੰਗਲਵਾਰ ਨੂੰ 580 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 110 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 68 ਐੱਫ. ਆਈ. ਆਰਜ਼ ਦਰਜ ਕੀਤੀਆਂ ਹਨ। ਗ੍ਰਿਫ਼ਤਾਰ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 2.8 ਕਿੱਲੋ ਹੈਰੋਇਨ, 500 ਗ੍ਰਾਮ ਅਫੀਮ, 10904 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 2.88 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ 28 ਪੁਲਸ ਜ਼ਿਲਿਆਂ ਵਿਚ ਇਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ। ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 220 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 631 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।