ਭਗਤ ਰਵਿਦਾਸ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਰਵਿਦਾਸ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਰੱਬੀ ਰੰਗ ਵਿਚ ਰੰਗੇ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਅੰਦਰ ਜਿਥੇ ਪਰਮਾਤਮਾ ਦੇ ਨਾਮ ਸਿਮਰਨ ‘ਤੇ ਜ਼ੋਰ ਦਿੱਤਾ ਹੈ, ਉਥੇ ਹੀ ਕਰਮਕਾਂਡਾਂ ਤੇ ਵਹਿਮਾ ਭਰਮਾਂ ਵਿਰੁੱਧ ਵੀ ਆਵਾਜ਼ ਉਠਾਈ। ਇਸੇ ਦੌਰਾਨ ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਵਿਚ ਸਰਕਾਰੀ ਪੱਧਰ ਦਾ ਸਮਾਗਮ ਵੀ ਕਰਵਾਇਆ ਗਿਆ। ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹੁੰਚੇ।