ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ‘ਚ ਤਾਇਨਾਤ ਪੁਲਸ ਮੁਲਾਜ਼ਮ ਦੇ ਲੱਗੀ ਗੋਲ਼ੀ, ਮੌਤ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੇ ਹਥਿਆਰ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਤਿੰਨ ਗੰਨਮੈਨਾਂ ਵਿਚਾਲੇ ਵੀ ਝੜਪ ਹੋਈ ਸੀ। ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ‘ਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।