ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ, ਧੀ ਦੇ ਕਤਲ ਸਬੰਧੀ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਹੋਏ ਅਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਚਿੱਠੀ ਭੇਜੀ ਗਈ ਹੈ। ਜਿਸ ਵਿੱਚ ਉਹਨਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈ ਚਿੱਠੀ ਵਿੱਚ ਲਿਖਿਆ ਹੈ ਕਿ ਵੱਖ ਵੱਖ ਜਥੇਬੰਦੀਆਂ ਤੇ ਹੋਰ ਸਿੱਖ ਸੰਗਤਾਂ ਵੱਲੋਂ ਪਿਛਲੇ ਦਿਨੀਂ ਬੀਬੀ ਜਗੀਰ ਕੌਰ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਮੰਗ ਪੱਤਰ ਦਿੱਤੇ ਗਏ ਸਨ। ਜਿਨਾਂ ਵਿੱਚ ਉਹਨਾਂ ਉੱਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਸਨ, ਜਥੇਬੰਦੀਆਂ ਵੱਲੋਂ ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਗੰਭੀਰ ਦੋਸ਼ ਲਗਾਏ ਗਏ ਸਨ।
ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲੋਂ ਇਸ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਉਸ ਦੇ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਸੰਗਤਾਂ ਅਤੇ ਵੱਖ ਵੱਖ ਜਥੇਬੰਦੀਆਂ ਦੀ ਮੰਗ ਨੂੰ ਵੇਖਦੇ ਹੋਏ ਇਸ ‘ਤੇ ਕਾਰਵਾਈ ਕੀਤੀ ਗਈ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਤੋਂ ਜਾਰੀ ਹੋਈ ਚਿੱਠੀ ਵਿੱਚ ਲਿਖਿਆ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਇੱਕ ਹਫਤੇ ਦੇ ਅੰਦਰ ਆਪਣਾ ਸਪੱਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਦਿੱਤਾ ਜਾਵੇ।