ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਦੂਜੇ ਦਿਨ ਵੀ ਨਿਭਾਈ ਸੇਵਾ

ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਸੀ ਅੱਜ ਆਖਰੀ ਦਿਨ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ ਹੈ। ਅੱਜ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਸਾਹਿਬ ਵਿਖੇ ਪਹੰੁਚਣਗੇ। ਜਿੱਥੇ ਸੁਖਬੀਰ ਸਿੰਘ ਬਾਦਲ ਹੋਰਨਾਂ ਆਗੂਆਂ ਸਮੇਤ ਨਤਮਸਤਕ ਹੋ ਕੇ ਆਪਣੀ ਸਜ਼ਾ ਪੂਰੀ ਕਰ ਲੈਣਗੇ। ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਸਿਆਸੀ ਸੰਕਟ ਵਿਚੋਂ ਉਭਰਨ ਦੀ ਕੋਸ਼ਿਸ਼ ਕਰੇਗਾ। ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਹਿਲਾਂ ਸੇਵਾਦਾਰ ਵਜੋਂ ਸੇਵਾ ਨਿਭਾਈ ਅਤੇ ਫਿਰ ਉਨ੍ਹਾਂ ਵੱਲੋਂ ਝੂਠੇ ਬਰਤਨ ਸਾਫ਼ ਕੀਤੇ ਗਏ ਅਤੇ ਬਾਅਦ ਵਿਚ ਉਹ ਕੀਰਤਨ ਸਰਵਣ ਕਰਕੇ ਆਪਣੀ ਸਜ਼ਾ ਪੂਰੀ ਕਰਨਗੇ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਦਾ ਅੱਜ ਦਸਵਾਂ ਅਤੇ ਆਖਰੀ ਦਿਨ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ, ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਸ੍ਰੀ ਦਮਦਮਾ ਸਾਹਿਬ ਵਿਖੇ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।