ਅਨੁਸੂਚਿਤ ਜਾਤੀ ਅਭਿਉਦੈ ਯੋਜਨਾ’ ਤਹਿਤ ਪ੍ਰਾਜੈਕਟਾਂ ਦੇ ਮੁਲਾਂਕਣ ਲਈ ਕਮੇਟੀ ਗਠਿਤ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਦੀ ਸਮਾਜਿਕ, ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ ਅਤੇ ਰਾਜ ਪੱਧਰੀ ਪ੍ਰਾਜੈਕਟਾਂ ਦਾ ਮੁਲਾਂਕਣ ਅਤੇ ਤਰਜ਼ੀਹ ਦੇਣ ਲਈ ਰਾਜ ਪੱਧਰੀ ਪ੍ਰਾਜੈਕਟ ਮੁਲਾਂਕਣ-ਕਮ-ਕਨਵਰਜੈਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਾ/ਰਾਜ-ਪੱਧਰੀ ਪ੍ਰਾਜੈਕਟਾਂ ਲਈ ਗ੍ਰਾਂਟ-ਇਨ-ਏਡ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (ਮੁੰਡੇ ਅਤੇ ਕੁੜੀਆਂ) ਲਈ ਵਿੱਦਿਅਕ ਹੋਸਟਲ ਦੀ ਉਸਾਰੀ/ਮੁਰੰਮਤ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਪ੍ਰਿੰਸੀਪਲ ਸਕੱਤਰ ਅਤੇ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਇਸ ਕਮੇਟੀ ਦੇ ਚੇਅਰਪਰਸਨ ਹੋਣਗੇ।
ਇਸ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਜਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਉਦਯੋਗ ਅਤੇ ਕਮਰਸ, ਸਹਿਕਾਰਤਾ, ਵਿੱਤ, ਯੋਜਨਾ, ਪੇਂਡੂ ਵਿਕਾਸ ਅਤੇ ਪੰਚਾਇਤ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਉੱਚ ਸਿੱਖਿਆ ਅਤੇ ਭਾਸ਼ਾ, ਸਕੂਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਪਬਲਿਕ ਵਰਕਸ, ਸਿੰਚਾਈ ਤੇ ਜਲ ਸਰੋਤ, ਨਵੀ ਅਤੇ ਨਵਿਆਉਣ ਯੋਗ ਊਰਜਾ ਸਰੋਤ, ਸੂਚਨਾ ਤਕਨਾਲੋਜੀ, ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਪ੍ਰਤੀਨਿਧੀ ਇਸ ਕਮੇਟੀ ਦੇ ਮੈਂਬਰ ਹੋਣਗੇ।