ਅਰੁਣ ਜੇਤਲੀ ਵੱਲੋਂ ਕੈਪਟਨ ਅਮਰਿੰਦਰ ਨੂੰ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ|
ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ ਤੇ ਹੋਈ ਇਕ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਭਰੋਸਾ ਦਿਵਾਇਆ| ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਣਕ ਦੀ ਖਰੀਦ ਨਿਰਵਿਘਨ ਅਤੇ ਸਮੇਂ ਸਿਰ ਯਕੀਨੀ ਬਣਾਉਣ ਲਈ ਸੂਬੇ ਨੂੰ 20,683 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ) ਤੁਰੰਤ ਜਾਰੀ ਅਤੇ ਅਧਿਕਾਰਤ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ|
ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਸੀ.ਸੀ.ਐਲ ਦੀ ਮੰਗ ਸਬੰਧੀ ਪ੍ਰਸਤਾਵ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਭਾਰਤੀ ਰਿਜਰਵ ਬੈਂਕ ਨੂੰ ਭੇਜਿਆ ਜਾ ਚੁੱਕਾ ਹੈ| ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਖਰੀਦੇ ਜਾਣ ਦੀ ਉਮੀਦ ਹੈ|