ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ ਵਰਮਾ

ਨਵੀਂ ਦਿੱਲੀ – ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਦੀ ਦਲੀਲ ਹੈ ਕਿ ਅਸਤੀਫ਼ਾ ਦੇਣ ਦੇ ਨਾਲ ਹੀ ਉਹ ਇਸ ਅਹੁਦੇ ’ਤੇ ਨਹੀਂ ਰਹੇ ਅਤੇ ਹੁਣ ਉਨ੍ਹਾਂ ਨੂੰ ਹਟਾਉਣ ਦੀ ਕੋਈ ਵੀ ਕੋਸ਼ਿਸ਼ ਸੰਵਿਧਾਨਕ ਆਧਾਰ ਤੋਂ ਪਰ੍ਹੇ ਹੋਵੇਗੀ। ਲੋਕ ਸਭਾ ਦੇ ਸਕੱਤਰ ਜਨਰਲ ਉਤਪਲ ਕੁਮਾਰ ਸਿੰਘ ਨੂੰ 10 ਸਤੰਬਰ ਨੂੰ ਲਿਖੇ ਇਕ ਪੱਤਰ ਵਿਚ ਵਰਮਾ ਨੇ ਕਿਹਾ ਕਿ ਉਹ ਆਪਣੀ ਸਰਕਾਰੀ ਰਿਹਾਇਸ਼ ਤੋਂ ਸੜੇ ਹੋਏ ਨੋਟਾਂ ਦੀਆਂ ਗੱਟੀਆਂ ਮਿਲਣ ਨਾਲ ਜੁੜੇ ਇਲਜ਼ਾਮਾਂ ਦੇ ਮਾਮਲੇ ਵਿਚ ਬੇਕਸੂਰ ਹਨ।
ਵੀਰਵਾਰ ਨੂੰ ਸੰਸਦ ਮੈਂਬਰਾਂ ਦਰਮਿਆਨ ਸਾਂਝੇ ਕੀਤੇ ਗਏ ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ 9 ਅਪ੍ਰੈਲ ਨੂੰ ਦਿੱਤੇ ਗਏ ਉਨ੍ਹਾਂ ਦੇ ਅਸਤੀਫ਼ੇ ਨੂੰ ਕਿਸੇ ਗ਼ਲਤ ਕੰਮ ਜਾਂ ਉਨ੍ਹਾਂ ਖ਼ਿਲਾਫ਼ ਲਗਾਏ ਗਏ ਇਲਜ਼ਾਮਾਂ ਅਤੇ ਜਾਂਚ ਦੇ ਸਿੱਟਿਆਂ ਦੀ ਪ੍ਰਵਾਨਗੀ ਨਹੀਂ ਮੰਨਿਆ ਜਾਣਾ ਚਾਹੀਦਾ। ਵਰਮਾ ਨੇ ਇਹ ਪੱਤਰ ਲੋਕ ਸਭਾ ਸਕੱਤਰੇਤ ਵੱਲੋਂ ਭੇਜੇ ਗਏ ਉਸ ਪੱਤਰ ਦੇ ਜਵਾਬ ਵਿਚ ਲਿਖਿਆ ਸੀ, ਜਿਸ ਵਿਚ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਗਠਿਤ ਜਾਂਚ ਕਮੇਟੀ ਦੇ ਸਿੱਟਿਆਂ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਜਾਂਚ ਕਮੇਟੀ ਦੀ ਰਿਪੋਰਟ ’ਤੇ ਟਿੱਪਣੀ ਕਰਨ ਅਤੇ ਅਗਲੀ ਕਿਸੇ ਵੀ ਕਾਰਵਾਈ ਵਿਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦਾ ਪੱਤਰ ਅਤੇ ਉਸ ਨਾਲ ਨੱਥੀ ਦਸਤਾਵੇਜ਼ ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਸਾਹਮਣੇ ਰੱਖੇ ਜਾਣ ਅਤੇ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਜਾਵੇ।