ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ

ਅੰਮ੍ਰਿਤਸਰ – ਐੱਨ. ਐਸ. ਏ. ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਰਿਵਾਰਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਸੌਂਪ ਕੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਸਿੰਘਾਂ ਨੂੰ ਪੰਜਾਬ ਲਿਆਉਣ ਲਈ ਠੋਸ ਪ੍ਰੋਗਰਾਮ ਬਣਾਉਣ ਦੀ ਅਪੀਲ ਕੀਤੀ।
ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਹੈ ਕਿ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦਾ ਕੋਰਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਨਹੀਂ ਕਰਨਾ ਚਾਹੁੰਦੀ ਹੈ ਪਰ ਉਹ ਡਿਬਰੂਗੜ੍ਹ ਜੇਲ੍ਹ ’ਚ ਬੰਦ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਤੁਰੰਤ ਪੰਜਾਬ ਲਿਆਉਣ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ’ਚ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਹੋਣ ਕਾਰਨ ਭਾਈ ਬਸੰਤ ਸਿੰਘ, ਭਾਈ ਕੁਲਵੰਤ ਸਿੰਘ ਰਾਉਕੇ ਅਤੇ ਭਾਈ ਹਰਜੀਤ ਸਿੰਘ ਜੱਲੂਪੁਰ ਦੀ ਹਾਲਤ ਕਾਫ਼ੀ ਖ਼ਰਾਬ ਹੈ।
ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਜਥੇਦਾਰ ਨੂੰ ਦਿੱਤੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਪੰਜਾਬ ਲਿਆਉਣ ਤੋਂ ਸਾਫ਼ ਜਵਾਬ ਦੇ ਦਿੱਤਾ ਹੈ। ਇਸ ਲਈ ਜਥੇਦਾਰ ਸਾਹਿਬ ਸਾਡੇ ਬੰਦੀ ਸਿੰਘਾਂ ਦੇ ਪਰਿਵਾਰ ਬੇਨਤੀ ਕਰਦੇ ਹਨ ਕਿ ਉਹ ਅਗਲੇ ਠੋਸ ਪ੍ਰੋਗਰਾਮ ਲਈ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੂਹ ਪੰਥਕ ਜਥੇਬੰਦੀਆਂ ਦਾ ਬੈਠਕ ਬੁਲਾਉਣ।