ਅੰਮ੍ਰਿਤਸਰ/ਲੋਪੋਕੇ – ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੋਪੋਕੇ ਖੇਤਰ ‘ਚ ਨਾਕਾਬੰਦੀ ਦੌਰਾਨ ਪੁਲਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਅਸਾਮਾਜਿਕ ਅਨਸਰ ਸਰਹੱਦ ਪਾਰੋਂ ਆਏ ਹਥਿਆਰਾਂ ਦੀ ਸਪਲਾਈ ਕਰਨ ਦੀ ਫਿਰਾਕ ‘ਚ ਹਨ। ਇਸ ‘ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਛਾਪੇਮਾਰੀ ਕੀਤੀ। ਉਕਤ ਨੌਜਵਾਨ ਨੇ ਹੱਥਾਂ ਵਿਚ ਭਾਰੀ ਲਿਫ਼ਾਫ਼ਾ ਫੜਿਆ ਹੋਇਆ ਸੀ, ਜੋਕਿ ਪੁਲਸ ਨੂੰ ਵੇਖ ਕੇ ਘਬਰਾ ਗਿਆ। ਫੜੇ ਗਏ ਨੌਜਵਾਨ ਕੋਲੋਂ ਵਿਦੇਸ਼ੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਕਰਨ ਪੁੱਤਰ ਹਰਜੀਤ ਸਿੰਘ ਵਾਸੀ ਕੋਹਾਲਾ ਥਾਣਾ ਲੋਪੋਕੇ ਵਜੋਂ ਹੋਈ ਹੈ।
ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਸੁੱਟੇ ਗਏ ਸਨ ਅਤੇ ਅਟਾਰੀ ਸੈਕਟਰ ਤੋਂ ਚੁੱਕ ਕੇ ਅੱਗੇ ਸਪਲਾਈ ਕੀਤੇ ਜਾਣੇ ਸਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਮੁਲਜ਼ਮ ‘ਤੇ ਪਹਿਲਾਂ ਵੀ NDPS ਐਕਟ ਅਧੀਨ ਲੋਪੋਕੇ ਥਾਣੇ ‘ਚ ਮਾਮਲਾ ਦਰਜ ਹੈ ਅਤੇ ਹਾਲ ਹੀ ‘ਚ ਜੇਲ੍ਹ ਤੋਂ ਬਾਹਰ ਆਇਆ ਸੀ।
ਉਸ ਦਾ ਸਿੱਧਾ ਸੰਪਰਕ ਪਾਕਿਸਤਾਨੀ ਸਮਗਲਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਸੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਨੈੱਟਵਰਕ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਪੁਲਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਰਹੱਦੀ ਖੇਤਰ ਵਿੱਚ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਹਿਮ ਹੈ।















