ਅੰਮ੍ਰਿਤਸਰ ‘ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਸੰਚਾਲਿਤ ਕੀਤੇ ਜਾ ਰਹੇ ਇਕ ਵੱਡੇ ਗੈਰ-ਕਾਨੂੰਨੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 4 ਬਾਲਗ, 2 ਨਾਬਾਲਗ ਅਤੇ ਇੱਕ ਅਫ਼ਗਾਨ ਨਾਗਰਿਕ ਸ਼ਾਮਲ ਹੈ, ਜਿਸ ਨਾਲ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਸਬੰਧਾਂ ਦੀ ਪੁਸ਼ਟੀ ਹੋਈ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖ਼ਾਸ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਕਿਲੋ 35 ਗ੍ਰਾਮ ਹੈਰੋਇਨ, 5 ਅਤਿ-ਆਧੁਨਿਕ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ ਨਸ਼ਾ ਤਸਕਰੀ ਨਾਲ ਜੁੜੇ 5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਸਾਥੀਆਂ ਅਤੇ ਹੈਂਡਲਰਾਂ ਦੇ ਲਗਾਤਾਰ ਸੰਪਰਕ ਵਿੱਚ ਸਨ। ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਹੋਰ ਡਿਜ਼ੀਟਲ ਮਾਧਿਅਮਾਂ ਰਾਹੀਂ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮੁਹੱਈਆ ਕਰਵਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਇਹ ਮੁਲਜ਼ਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਕਰਦੇ ਸਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਹਵਾਲਾ ਲੈਣ-ਦੇਣ ਨਾਲ ਜੁੜੇ ਅਹਿਮ ਸੁਰਾਗ ਵੀ ਮਿਲੇ ਹਨ। ਬਰਾਮਦ ਕੀਤੀ ਗਈ ਨਕਦੀ ਅਤੇ ਮੁਲਜ਼ਮਾਂ ਦੇ ਵਿੱਤੀ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਨੈੱਟਵਰਕ ਨੂੰ ਆਰਥਿਕ ਸਹਾਇਤਾ ਕਿੱਥੋਂ ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਸ ਨੂੰ ਸ਼ੱਕ ਹੈ ਕਿ ਇਸ ਗਿਰੋਹ ਦੇ ਤਾਰ ਸਰਹੱਦ ਪਾਰ ਬੈਠੇ ਤਸਕਰਾਂ, ਵਿਦੇਸ਼ੀ ਹੈਂਡਲਰਾਂ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕਾਂ ਤੱਕ ਫੈਲੇ ਹੋਏ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਕੈਂਟੋਨਮੈਂਟ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਜਾਂਚ ਦਾ ਮੁੱਖ ਮਕਸਦ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨਾ, ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਅਤੇ ਇਹ ਪਤਾ ਲਗਾਉਣਾ ਹੈ ਕਿ ਹੁਣ ਤੱਕ ਪੰਜਾਬ ਵਿੱਚ ਕਿੰਨੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਨੈੱਟਵਰਕਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰਹੇ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਪੁਲਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨਾਲ ਸਾਂਝੀ ਕਰਨ ਤਾਂ ਜੋ ਅਪਰਾਧ ਅਤੇ ਤਸਕਰੀ ਦੇ ਨੈੱਟਵਰਕਾਂ ਨੂੰ ਸਮੇਂ ਸਿਰ ਖ਼ਤਮ ਕੀਤਾ ਜਾ ਸਕੇ।