ਚੰਡੀਗੜ੍ਹ – ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਸੂਬਾ ਵਾਸੀਆਂ ਲਈ ਵੱਡੇ ਫ਼ੈਸਲੇ ਲਏ ਜਾਣਗੇ। ਪਿਛਲੀਆਂ ਕੈਬਨਿਟ ਮੀਟਿੰਗਾਂ ’ਚ ਵੀ ਲਗਾਤਾਰ ਕਈ ਵੱਡੇ ਫ਼ੈਸਲੇ ਲਏ ਗਏ ਸਨ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਮਾਈਨਿੰਗ ਪਾਲਸੀ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਵੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਇਸ ਯੋਜਨਾ ਵਿਚ 50 ਸਾਲ ਦੇ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ।
ਇਸ ਦੇ ਨਾਲ ਹੀ ਇਸ ਵੇਲੇ ਪੰਜਾਬ ਸਰਕਾਰ ਦਾ ਫ਼ੋਕਸ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ‘ਤੇ ਵੀ ਹੈ। ਕੁਝ ਹੀ ਦਿਨਾਂ ’ਚ ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉੱਥੇ ਡੇਰਾ ਲਾਇਆ ਹੋਇਆ ਹੈ। ਇਸ ਲਈ ਲੁਧਿਆਣਾ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।















