‘ਆਪ’ ਐਨਆਰਆਈਜ਼ ਨੂੰ ਗਰਮਖਿਆਲੀ ਕਹਿ ਕੇ ਕਰ ਰਹੀ ਹੈ ਬਦਨਾਮ : ਚੰਦੂਮਾਜਰਾ

5ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਸਮੂਹ ਐਨਆਰਆਈ ਭਾਈਚਾਰੇ ਦੀ ਤੁਲਨਾ ਗਰਮਖਿਆਲੀਆਂ ਨਾਲ ਕਰਨ ‘ਤੇ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਛੋਟੇਪੁਰ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਗਰਮਖਿਆਲੀ ਕਹਿ ਕੇ ਨੀਵਾਂ ਦਿਖਾਉਣ ਦੀ ਹਰਕਤ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਸ਼੍ਰੋਮਣੀ ਅਕਾਲੀ ਦਲ ਨੇ ਅੱਗੇ ਕਿਹਾ ਕਿ ਖੁਦ ਆਮ ਆਦਮੀ ਪਾਰਟੀ ਨੂੰ ਵਿਦੇਸ਼ਾਂ ਵਿਚ ਬੈਠੇ ਕੁਝ ਗਰਮਖਿਆਲੀ ਤੱਤਾਂ ਵੱਲੋਂ ਫੰਡਿੰਗ ਕੀਤੀ ਜਾਂਦੀ ਹੈ ਅਤੇ ਉਹ ਅਜਿਹੀ ਗੈਰਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।
ਇੱਥੋਂ ਜਾਰੀ ਇਕ ਬਿਆਨ ਵਿਚ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੀ ਕਾਲੀ ਸੂਚੀ ਵਿਚੋਂ ਬਹੁਤ ਸਾਰੇ ਪ੍ਰਵਾਸੀ ਪੰਜਾਬੀਆਂ ਦੇ ਨਾਂ ਕਟਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ ਪਰ ਇਸ ਦੇ ਨਾਲ ਹੀ ਪਾਰਟੀ ਨੇ ਉਨ੍ਹਾਂ ਗਰਮਖਿਆਲੀ ਤੱਤਾਂ ਖਿਲਾਫ ਵੀ ਸਪੱਸ਼ਟ ਸਟੈਂਡ ਲਿਆ ਹੈ ਜੋ ਪੰਜਾਬ ਨੂੰ ਮੁੜ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 2014 ਦੀਆਂ ਪਾਰਲੀਮਾਨੀ ਚੋਣਾਂ ਤੋਂ ਬਾਅਦ ਅਜਿਹੇ ਕਾਫੀ ਗਰਮਖਿਆਲੀ ਤੱਤਾਂ ਨੇ ਨਾ ਸਿਰਫ ‘ਆਪ’ ਨਾਲ ਨੇੜਤਾ ਵਧਾਈ ਸਗੋਂ ਉਨ੍ਹਾਂ ਨੂੰ ਫੰਡਿੰਗ ਵੀ ਸ਼ੁਰੂ ਕੀਤੀ।
ਛੋਟੇਪੁਰ ਨੂੰ ਸਾਰੇ ਪ੍ਰਵਾਸੀ ਪੰਜਾਬੀਆਂ ਦਾ ਨਾਂ ਗਰਮਖਿਆਲੀ ਤੱਤਾਂ ਨਾਲ ਨਾ ਜੋੜਨ ਦੀ ਚੇਤਾਵਨੀ ਦਿੰਦੇ ਹੋਏ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੋਟੇਪੁਰ ਨੂੰ ਪ੍ਰਵਾਸੀ ਪੰਜਾਬੀਆਂ ਦਾ ਨਾਂ ਵਰਤ ਕੇ ਸਿਆਸਤ ਖੇਡਣ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵੱਲੋਂ ਪੰਜਾਬੀਆਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕੀਤੇ ਜਾਣ ਮਗਰੋਂ ਇਸ ਬਹਾਦਰ ਕੌਮ ਨੂੰ ਹੋਰਨਾਂ ਸੂਬਿਆਂ ਵਿਚ ਵੀ ਬਦਨਾਮੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਅਤੇ ਹੁਣ ਛੋਟੇਪੁਰ ਵੱਲੋਂ ਸਾਰੇ ਪ੍ਰਵਾਸੀ ਪੰਜਾਬੀਆਂ ਦੀ ਤੁਲਨਾ ਗਰਮਖਿਆਲੀਆਂ ਨਾਲ ਕਰਨ ਮਗਰੋਂ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਭਾਰਤੀ ਹਵਾਈ ਅੱਡਿਆਂ ‘ਤੇ ਖੱਜਲ-ਖੁਆਰੀ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਲ ‘ਆਪ’ ਖਿਲਾਫ ਕਈ ਅਜਿਹੇ ਸਬੂਤ ਹਨ ਜੋ ਇਹ ਸਾਬਿਤ ਕਰਦੇ ਹਨ ਕਿ ‘ਆਪ’ ਦੀ ਲੀਡਰਸ਼ਿਪ ਅਤੇ ਵਿਦੇਸ਼ਾਂ ਵਿਚਲੇ ਕਈ ਗਰਮਖਿਆਲੀ ਤੱਤਾਂ ਵਿਚਕਾਰ ਸਬੰਧ ਹਨ। ਪ੍ਰੋ. ਚੰਦੂਮਾਜਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਮਾਂ ਪਾਰਟੀ ਕਾਂਗਰਸ ਦੀ ਫੁੱਟ ਪਾਓ ਤੇ ਰਾਜ ਕਰੋ ਦੀ ਨੀਤੀ ਅਪਣਾਈ ਜਾ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਛੇਤੀ ਹੀ ‘ਆਪ’ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਮਨਸੂਬਿਆਂ ਦਾ ਪਰਦਾਫਾਸ਼ ਕਰੇਗਾ। ਅਕਾਲੀ ਆਗੂ ਨੇ ਕਿਹਾ ਕਿ ਜੇਕਰ ਛੋਟੇਪੁਰ ਵਿਚ ਹਿੰਮਤ ਹੈ ਤਾਂ ਉਹ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੀ ਗੈਰ-ਪੰਜਾਬੀ ਲੀਡਰਸ਼ਿਪ ਤੋਂ ਸਿੱਖ ਵਿਰੋਧੀ ਕਾਰਵਾਈਆਂ ਬਾਰੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਛਬੀਲ ਢਾਹੁਣ ਅਤੇ  ਮਾਲੇਰਕੋਟਲਾ ਘਟਨਾ ਨੇ ‘ਆਪ’ ਦੇ ਧਰਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਛੋਟੇਪੁਰ ਨੂੰ ਸਿਆਸੀ ਅਖਾੜੇ ਵਿਚ ਆਪਣਾ ਜ਼ੋਰ ਦਿਖਾਉਣ ਦੀ ਸਲਾਹ ਦਿੰਦੇ ਹੋਏ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਡੌਰ-ਭੌਰ ਹੋਈ ‘ਆਪ’ ਦੀ ਲੀਡਰਸ਼ਿਪ ਨੂੰ ਪੰਜਾਬ ਵਿਚ ਬੀਤੇ 9 ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਰਿਕਾਰਡਤੋੜ ਵਿਕਾਸ ਦਾ ਕੋਈ ਜਵਾਬ ਨਹੀਂ ਸੁੱਝ ਰਿਹਾ ਅਤੇ ਇਸੇ ਲਈ ‘ਆਪ’ ਆਗੂ ਕਿਸੇ ਨਾ ਕਿਸੇ ਬਹਾਨੇ ਪੰਜਾਬ ਦਾ ਅਮਨ-ਚੈਨ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੂੰ ਕਰਾਰੀ ਹਾਰ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਚੋਣਾਂ ਦੇ ਨਤੀਜੇ ਇਹ ਸਾਬਿਤ ਕਰ ਦੇਣਗੇ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ‘ਤੇ ਕੌਣ ਰਾਜ ਕਰਦਾ ਹੈ।