ਹੁਸ਼ਿਆਰਪੁਰ -ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਮੁੰਕਮਲ ਹੋ ਚੁੱਕੀ ਹੈ। 15 ਰਾਊਂਡਾਂ ਵਿਚ ਹੋਈ ਵੋਟਾਂ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ।
ਇਸ਼ਾਂਕ ਕੁਮਾਰ ਚੱਬੇਵਾਲ ਨੂੰ ਕੁੱਲ੍ਹ 51904 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ‘ਤੇ ਰਹੇ ਹਨ ਅਤੇ ਉਨ੍ਹਾਂ ਨੂੰ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ ‘ਤੇ ਰਹੀ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ।
ਇਸ਼ਾਂਕ ਕੁਮਾਰ ਚੱਬੇਵਾਲ (ਆਪ) -51904 (28690 ਮਾਰਜਨ)
ਰਣਜੀਤ ਕੁਮਾਰ (ਕਾਂਗਰਸ)-23214
ਸੋਹਣ ਸਿੰਘ ਠੰਢਲ- (8692)
ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਬਣਾਇਆ ਗਿਆ ਸੀ। ਇਥੇ ਵੱਖ-ਵੱਖ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜਾਇਜ਼ਾ ਲਿਆ ਸੀ। ਗਿਣਤੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਵਿਚ ਕੀਤੀ ਗਈ। ਐੱਸ. ਐੱਸ. ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਲੇ 3 ਪਰਤੀ ਸੁਰੱਖਿਆ ਕਾਇਮ ਕੀਤੀ ਗਈ ਤਾਂ ਜੋ ਸਮੁੱਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹੇ।
ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 6 ਉਮੀਦਵਾਰ ਚੋਣ ਮੈਦਾਨ ’ਚ ਸਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ 15 ਰਾਊਂਡਾਂ ’ਚ ਹੋਈ। ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ, ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਅਤੇ ਭਾਜਪਾ ਦੇ ਉਮੀਦਵਾਰ ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਵਿਚ ਹੋਇਆ।















