ਜਲੰਧਰ/ਚੰਡੀਗੜ੍ਹ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸਰਕਾਰ ਦੇ ਬਜਟ ਨੂੰ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ। ਮਹਿਲਾ ਦਿਵਸ ਦੇ ਮੌਕੇ ‘ਤੇ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਰਕਾਰ ਦਾ ਪਿਛਲਾ ਰਿਕਾਰਡ ਗਵਾਹ ਹੈ ਕਿ ਇਨ੍ਹਾਂ ਦੇ ਕੀਤੇ ਸਾਰੇ ਵਾਅਦੇ ਖੋਖਲੇ ਸਾਬਤ ਹੋਏ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪਿਛਲੇ ਬਜਟ ‘ਚ ਨਸ਼ਾ ਪੀੜਤਾਂ ਦਾ ਰੀਅਲ ਟਾਈਮ ਡਾਟਾ ਇਕੱਠਾ ਕਰਨ ਲਈ ਪੈਸਾ ਰੱਖਿਆ ਸੀ ਪਰ ਅੱਜ ਤੱਕ ਇਸ ਦਾ ਕੁਝ ਨਹੀਂ ਬਣਿਆ।
ਉਨ੍ਹਾਂ ਵਿਕਾਸ ਕਾਰਜਾਂ ਦੀ ਸੂਚੀ ਪੇਸ਼ ਕਰਦਿਆਂ ਕਿਹਾ ਕਿ ਢਾਈ ਲੱਖ ਪਿੰਡਾਂ ‘ਚ ਲਾਈਟਾਂ ਲਾਉਣ, 3000 ਜਿੰਮ ਬਣਾਉਣ, ਨੰਗਲ ਵਿੱਚ ਈਕੋ-ਟੂਰਿਜ਼ਮ ਹੱਬ ਅਤੇ ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਜਲੰਧਰ ‘ਚ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਬਣਾਉਣ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਖ਼ਾਸ ਤੌਰ ‘ਤੇ ਅੰਮ੍ਰਿਤਸਰ ਦੇ ਯੂਨਿਟੀ ਮਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਲਈ 159 ਕਰੋੜ ਰੁਪਏ ਭੇਜੇ ਸਨ। ਸਰਕਾਰ ਦਾਅਵਾ ਕਰ ਰਹੀ ਹੈ ਕਿ 80 ਕਰੋੜ ਰੁਪਏ ਖ਼ਰਚ ਦਿੱਤੇ ਗਏ ਹਨ ਪਰ ਜ਼ਮੀਨੀ ਪੱਧਰ ‘ਤੇ ਇਕ ਇੰਚ ਵੀ ਕੰਮ ਨਹੀਂ ਹੋਇਆ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਐੱਮ. ਐੱਸ. ਪੀ. ਦੀ ਗਰੰਟੀ ਨੂੰ ਵੀ ਕਿਸੇ ਬਜਟ ਵਿੱਚ ਥਾਂ ਨਹੀਂ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਬਜਟ ਤੋਂ ਕੋਈ ਖ਼ਾਸ ਉਮੀਦ ਨਹੀਂ ਹੈ।
ਔਰਤਾਂ ਨਾਲ ਧੋਖਾ ਕਰਨ ਦੇ ਇਲਜ਼ਾਮ
ਮਹਿਲਾ ਦਿਵਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 18 ਸਾਲ ਤੋਂ ਉੱਪਰ ਦੀ ਹਰ ਔਰਤ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦਾ ਹਿਸਾਬ ਲਾਇਆ ਜਾਵੇ ਤਾਂ ਹਰ ਭੈਣ ਦਾ 48,000 ਰੁਪਏ ਬਕਾਇਆ ਬਣਦਾ ਹੈ।
ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਹੁਣ ਸਰਕਾਰ ਇਨਕਮ ਟੈਕਸ ਭਰਨ ਵਾਲੀਆਂ, ਨੌਕਰੀ ਪੇਸ਼ਾ ਜਾਂ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਇਸ ਸੂਚੀ ‘ਚੋਂ ਬਾਹਰ ਰੱਖ ਕੇ ਫਿਰ ਤੋਂ ਧੋਖਾ ਦੇਣ ਦੀ ਤਿਆਰੀ ਵਿੱਚ ਹੈ।
ਕਾਨੂੰਨ ਵਿਵਸਥਾ ਦੀ ਮਾੜੀ ਹਾਲਤ
ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਆਪਣੀ ਜਾਨ-ਮਾਲ ਦੀ ਰਾਖੀ ਲਈ ਤਰਸ ਰਹੇ ਹਨ। ਦਿਨ-ਦਿਹਾੜੇ ਪਰਿਵਾਰਾਂ ਨੂੰ ਬੰਧਕ ਬਣਾ ਕੇ ਕਰੋੜਾਂ ਦੀ ਲੁੱਟ ਹੋ ਰਹੀ ਹੈ ਅਤੇ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਨਸ਼ਿਆਂ ਨੂੰ ਰੋਕ ਪਾ ਰਹੀ ਹੈ ਅਤੇ ਨਾ ਹੀ ਵਪਾਰੀਆਂ ਅਤੇ ਸਰਪੰਚਾਂ ਨੂੰ ਸੁਰੱਖਿਆ ਦੇ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਬਜਟ ਤੋਂ ਕੋਈ ਖ਼ਾਸ ਉਮੀਦ ਨਹੀਂ ਹੈ।















