ਨੈਸ਼ਨਲ ਡੈਸਕ— ਪਾਕਿਸਤਾਨ ‘ਚ ਹੋਣ ਵਾਲੇ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ ਨੂੰ ਲੈ ਕੇ ਦੇਸ਼ ‘ਚ ਰਾਜਨੀਤੀ ਗਰਮਾ ਗਈ ਹੈ। ਇਸ ਸਹੁੰ ਚੁੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਵਾਲੇ ਕਈ ਸਾਬਕਾ ਭਾਰਤੀ ਕ੍ਰਿਕਟਰ ਸੁਨੀਲ ਗਾਵਸਕਰ, ਕਪਿਲ ਦੇਵ ਅਤੇ ਨਵਜੋਤ ਸਿੰਘ ਸਿੱਧੂ ਦੇ ਨਾਲ-ਨਾਲ ਆਮਿਰ ਖਾਨ ਨੂੰ ਸੱਦਾ ਭੇਜਿਆ ਗਿਆ ਹੈ, ਜਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੁਬਰਮਣੀਅਮ ਸਵਾਮੀ ਨੇ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸਵਾਮੀ ਨੇ ਕਿਹਾ ਕਿ ਜੋ ਲੋਕ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ ਉਨ੍ਹਾਂ ਨੂੰ ਅੱਤਵਾਦੀ ਮੰਨਿਆ ਜਾਣਾ ਚਾਹੀਦਾ ਹੈ। ਭਾਜਪਾ ਨੇਤਾ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਬਲੈਕਲਿਸਟ ‘ਚ ਪਾ ਦੇਣਾ ਚਾਹੀਦਾ ਹੈ, ਉਨ੍ਹਾਂ ਨੂੰ ਅੱਤਵਾਦੀ ਦੀ ਤਰ੍ਹਾਂ ਦੇਖਿਆ ਜਾਣਾ ਚਾਹੀਦਾ ਹੈ।
ਇਮਰਾਨ ਖਾਨ ਦੀ ਪੀ.ਟੀ.ਆਈ. 25 ਜੁਲਾਈ ਨੂੰ ਪਾਕਿਸਤਾਨ ‘ਚ ਹੋਈਆਂ ਆਮ ਚੋਣਾਂ ‘ਚ 116 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ ਸੀ। ਉਹ ਪਾਕਿਸਤਾਨ ਦੇ ਨਵੇਂ ਪ੍ਰਧਾਨਮੰਤਰੀ ਦੇ ਰੂਪ ‘ਚ 11 ਅਗਸਤ ਨੂੰ ਸਹੁੰ ਚੁੱਕਣਗੇ, ਜਿਸਨੂੰ ਲੈ ਕੇ ਭਾਰਤ ਦੇ ਕਈ ਦਿੱਗਜ਼ਾਂ ਨੂੰ ਸੱਦਾ ਭੇਜਿਆ ਗਿਆ ਹੈ। ਕਾਂਗਰਸ ਨੇਤਾ ਸਿੱਧੂ ਨੇ ਇਮਰਾਨ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ, ਜਿਸ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ।















