ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ : ਰੰਧਾਵਾ

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵੋਟਰ ਸੂਚੀ ਅਤੇ ਵਿਸ਼ੇਸ਼ ਸਰਸਰੀ ਸੁਧਾਈ (ਐੱਸ. ਆਈ. ਆਰ.) ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਵੋਟਰ ਸੂਚੀ ਨਾਲ ਜੁੜੇ ਮੁੱਦੇ ਲਗਾਤਾਰ ਚੁੱਕੇ ਜਾਂਦੇ ਰਹੇ ਹਨ ਅਤੇ ਹੁਣ ਕਮਿਸ਼ਨ ਨੂੰ ਦਰਜ ਇਤਰਾਜ਼ਾਂ ’ਤੇ ਹੋਈ ਕਾਰਵਾਈ ਦੀ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ।
ਰੰਧਾਵਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਸਵਾਲ ਕੀਤਾ ਕਿ ਚੋਣ ਕਮਿਸ਼ਨ ਦੇ ਸਾਹਮਣੇ ਦਰਜ ਕਰਵਾਏ ਗਏ ਇਤਰਾਜਾਂ ’ਤੇ ਹੁਣ ਤੱਕ ਕੀ ਕਾਰਵਾਈ ਹੋਈ ਹੈ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਕੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਅਤੇ ਵੋਟਰ ਸੂਚੀ ’ਚ ਪਾਰਦਰਸ਼ਤਾ ਬਣਾਈ ਰੱਖਣਾ ਚੋਣ ਕਮਿਸ਼ਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਹਰ ਯੋਗ ਨਾਗਰਿਕ ਦੀ ਵੋਟ ਸੁਰੱਖਿਅਤ ਰਹਿਣੀ ਜ਼ਰੂਰੀ ਹੈ। ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ ਚੁੱਕੇ ਗਏ ਸਵਾਲਾਂ ਅਤੇ ਦਰਜ ਇਤਰਾਜ਼ਾਂ ’ਤੇ ਕਮਿਸ਼ਨ ਨੂੰ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਵੋਟਰਾਂ ਵਿਚਕਾਰ ਕਿਸੇ ਕਿਸਮ ਦਾ ਭਰਮ ਨਾ ਰਹੇ।