ਕਾਂਗਰਸੀਆਂ ’ਤੇ ਵਿਜੀਲੈਂਸ ਦੀ ਕਾਰਵਾਈ ’ਤੇ ਸੁਨੀਲ ਜਾਖੜ ਨੇ ਤੋੜੀ ਚੁੱਪ, ਪਰਗਟ ਸਿੰਘ ’ਤੇ ਦਿੱਤਾ ਬਿਆਨ

ਚੰਡੀਗੜ੍ਹ/ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪਾਰਟੀ ਨੇਤਾਵਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦੀ ਗੱਲ ਕੋਰੀ ਅਫਵਾਹ ਹੈ ਅਤੇ ਜ਼ਮੀਨੀ ਪੱਧਰ ’ਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ। ਕੈਪਟਨ ਸੰਦੀਪ ਸੰਧੂ ਨੇ ਤਾਂ ਖੁਦ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਪ੍ਰਗਟ ਸਿੰਘ ਨੂੰ ਕੋਈ ਧਮਕੀ ਭਰਿਆ ਫੋਨ ਨਹੀਂ ਕੀਤਾ ਹੈ। ਇਸ ਲਈ ਜਾਂਚ ਦਾ ਤਾਂ ਸਵਾਲ ਹੀ ਗੈਰ-ਵਾਜ਼ਿਬ ਹੈ। ਜਾਖੜ ਨੇ ਵਿਧਾਇਕ ਪਰਗਟ ਸਿੰਘ ਨੂੰ ਨੌਜਵਾਨਾਂ ਦਾ ਆਦਰਸ਼ ਦੱਸਦੇ ਹੋਏ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਸਨਮਾਨ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦਾ ਮੁੱਖ ਏਜੰਡਾ ਲੋਕਾਂ ਨੂੰ ਕੋਵਿਡ-19 ਤੋਂ ਬਚਾਉਣਾ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣਾ ਹੈ। ਜਾਖੜ ਨੇ ਇਕ ਬਿਆਨ ਵਿਚ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਬਦਲੇ ਦੀ ਰਾਜਨੀਤੀ ਨਹੀਂ ਕਰਦੀ। ਪਾਰਟੀ ਦਾ ਅਸੂਲ ਰਿਹਾ ਹੈ ਕਿ ਇਹ ਸੰਵਿਧਾਨਕ ਸੰਸਥਾਵਾਂ ਦਾ ਆਪਣੇ ਨਿੱਜੀ ਹਿੱਤਾਂ ਲਈ ਇਸਤੇਮਾਲ ਨਹੀਂ ਕਰਦੀ ਅਤੇ ਆਪਣੇ ਵਿਧਾਇਕਾਂ ਖ਼ਿਲਾਫ਼ ਅਜਿਹਾ ਕਰਨ ਦਾ ਤਾਂ ਸੋਚਿਆ ਵੀ ਨਹੀਂ ਜਾ ਸਕਦਾ।
ਮੁੱਖ ਮੰਤਰੀ ਕਰਵਾਉਣ ਮਾਮਲੇ ਦੀ ਜਾਂਚ
ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਪਾਰਟੀ ਦੇ ਅਕਸ ’ਤੇ ਸੱਟ ਮਾਰਨ ਵਾਲੀਆਂ ਅਜਿਹੀਆਂ ਕਾਰਵਾਈਆਂ ਦੀ ਜਾਂਚ ਹੋਵੇ। ਉਨ੍ਹਾਂ ਕਿਹਾ ਕਿ ਪਾਰਟੀ ਵਿਧਾਇਕ ਪਰਗਟ ਸਿੰਘ ਪ੍ਰਦੇਸ਼ ਦੇ ਨੌਜਵਾਨਾਂ ਦੇ ਆਦਰਸ਼ ਹਨ ਅਤੇ ਉਨ੍ਹਾਂ ਦੇ ਈਮਾਨਦਾਰ ਅਕਸ ’ਤੇ ਕਿਸੇ ਨੂੰ ਸ਼ੱਕ ਨਹੀਂ ਹੈ ਅਤੇ ਪਾਰਟੀ ਆਪਣੇ ਸਾਰੇ ਵਿਧਾਇਕਾਂ ਦਾ ਪੂਰਾ ਸਨਮਾਨ ਕਰਦੀ ਹੈ। ਜਾਖੜ ਨੇ ਕਿਹਾ ਕਿ ਪਾਰਟੀ ਇਸ ਸਮੇਂ ਕੋਵਿਡ ਸੰਕਟ ਵਿਚ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਸਰਕਾਰ ਨਾਲ ਮਿਲ ਕੇ ਲੋਕਾਂ ਦੀ ਮਦਦ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਜਾਂਚ ਪੂਰੀ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਉਣ ਹੀ ਪਾਰਟੀ ਦਾ ਮਕਸਦ ਹੈ। ਇਨ੍ਹਾਂ ਦੋ ਮੁੱਦਿਆਂ ਤੋਂ ਭਟਕਾਉਣ ਲਈ ਹੀ ਇਸ ਤਰ੍ਹਾਂ ਦੀ ਅਫਵਾਹ ਫੈਲਾਈ ਜਾ ਰਹੀ ਹੈ।