ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਅੰਮ੍ਰਿਤਸਰ- ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਹਾਵਈ ਅੱਡੇ ‘ਤੇ ਨਿਤਿਨ ਗਡਕਰੀ ਦਾ ਸੁਆਗਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕੀਤਾ ਗਿਆ। ਇਸ ਦੇ ਬਾਅਦ ਨਿਤਿਨ ਗਡਕਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਵਾਹਿਗੁਰੂ ਜੀ ਦਾ ਸ਼ੁਕਰਾਨਾ ਵੀ ਕੀਤਾ। ਇਸ ਦੇ ਨਾਲ ਹੀ ਗੁਰਬਾਣੀ ਦਾ ਸਰਵਣ ਵੀ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਨਿਤਿਨ ਗਡਕਰੀ ਅੱਜ ਦਿੱਲੀ-ਕਟੜਾ ਹਾਈਵੇਅ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਹਨ। ਇਸ ਤੋਂ ਇਲਾਵਾ ਉਹ ਅਟਾਰੀ ਸਰਹੱਦ ‘ਤੇ ਰਿਟਰੀਟ ਸੈਰੇਮਨੀ ਨੂੰ ਵੀ ਵੇਖਣਗੇ ਅਤੇ 418 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਉਣਗੇ।
ਇਸ ਮੌਕੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਉਹ ਬੀ. ਐੱਸ. ਐੱਫ਼. ਵੱਲੋਂ ਬਣਾਏ ਗਏ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ। ਇਸ ਮੌਕੇ ਨਿਤਿਨ ਗਡਕਰੀ ਦੇ ਨਾਲ ਪੰਜਾਬ ਸਰਕਾਰ ਦੇ ਦੋ ਮੰਤਰੀ ਵੀ ਸਨ, ਜਿਨ੍ਹਾਂ ਨੇ ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ।