ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲਾਂਕਿ ਕੰਗਨਾ ਰਣੌਤ ‘ਤੇ ਵਿਰੋਧੀਆਂ ਵੱਲੋਂ ਲਗਾਤਾਰ ਬਿਆਨਬਾਜੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੰਗਨਾ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਇਸ ਬਿਆਨ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ।
ਸਿਮਰਨਜੀਤ ਦਾ ਬਿਆਨ
ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਦੇ ਬਿਆਨ ‘ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਕਿ, ”ਮੈਂ ਇਹ ਕਹਿਣਾ ਤਾਂ ਨਹੀਂ ਚਾਹੁੰਦਾ ਪਰ ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜਰਬਾ ਹੈ ਅਤੇ ਤੁਸੀਂ ਉਨ੍ਹਾਂ ਨੂੰ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ ਤਾਂ ਕਿ ਲੋਕਾਂ ਨੂੰ ਸਮਝਾਇਆ ਜਾ ਸਕੇ ਕਿ ਬਲਾਤਕਾਰ ਕਿਵੇਂ ਹੁੰਦਾ ਹੈ।” ਦੱਸ ਦਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਬਲਾਤਕਾਰ ਹੋਏ ਸੀ।















