ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜੰਗਲਾਤ ਵਿਭਾਗ ਦੇ 378 ਕੱਚੇ ਕਾਮਿਆਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਕਈ ਸਾਲਾਂ ਤੋਂ ਇਹ ਕਰਮਚਾਰੀ ਘੱਟ ਤਨਖ਼ਾਹਾਂ ‘ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਉਕਤ ਫ਼ੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ ਅਤੇ ਰਾਹਤ ਭਰਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਕਾਮਿਆਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ। ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਸਾਰੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਕੈਬਨਿਟ ਮੀਟਿੰਗ ‘ਚ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜੋ ਰੋਜ਼ਾਨਾ ਦਿਹਾੜੀ ‘ਤੇ ਕੰਮ ਕਰ ਰਹੇ ਸਨ।
ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ। ਮੰਤਰੀ ਕਟਾਰੂਚੱਕ ਨੇ ਇਸ ਲਈ ਰਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰੁਜ਼ਗਾਰ ਵਿਰੋਧੀ ਅਤੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਸਥਾਈ ਨਹੀਂ ਕੀਤੀਆਂ ਜਾ ਸਕੀਆਂ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਅੱਜ ਅਸੀਂ ਉਨ੍ਹਾਂ ਨੂੰ ਨਿਯਮਤ ਕਰਨ ਵਿੱਚ ਸਫ਼ਲ ਹੋਏ ਹਾਂ।
ਮੰਤਰੀ ਨੇ ਕਿਹਾ ਕਿ ਅਗਲੇ ਕੁੱਝ ਦਿਨਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪਣਗੇ। ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਹਰ ਰੋਜ਼ ਕਿਸੇ ਨਾ ਕਿਸੇ ਵਿਭਾਗ ‘ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਨ। ਹੁਣ ਤੱਕ ਸਰਕਾਰ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।
ਇਹ ਪਹਿਲੀ ਸਰਕਾਰ ਹੈ, ਜਿਸ ਨੇ ਪੰਜਾਬ ‘ਚ ਇੰਨੀ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕਟਾਰੂਚੱਕ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸਥਾਈ ਨੌਕਰੀਆਂ ਨਾਲ ਜੰਗਲਾਤ ਵਿਭਾਗ ‘ਚ ਇੱਕ ਨਵੀਂ ਊਰਜਾ ਪੈਦਾ ਹੋਵੇਗੀ ਅਤੇ ਇਹ ਕਰਮਚਾਰੀ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਵਿਭਾਗ ਨੂੰ ਹੋਰ ਉਚਾਈਆਂ ‘ਤੇ ਲੈ ਜਾਣਗੇ। ਇਸ ਦੇ ਨਾਲ ਹੀ ਇਸ ਫ਼ੈਸਲੇ ਨਾਲ ਹੋਰ ਵਿਭਾਗਾਂ ਦੇ ਅਸਥਾਈ ਕਰਮਚਾਰੀਆਂ ‘ਚ ਵੀ ਉਮੀਦਾਂ ਜਗ ਜਾਣਗੀਆਂ।















