ਕੱਲ੍ਹ ਮੋਦੀ ਸਰਕਾਰ ਖਿਲਾਫ ਸੜਕਾਂ ‘ਤੇ ਉਤਰੇਗੀ ਕਾਂਗਰਸ: ਚੰਨੀ

ਜਲੰਧਰ —ਦਿੱਲੀ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਗੁੱਸੇ ‘ਚ ਆਏ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਮਾਮਲੇ ਸਬੰਧੀ ਅੱਜ ਜਲੰਧਰ ਦੇ ਸਰਕਿਟ ਹਾਊਸ ‘ਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਜ਼ਿਲਾ ਪ੍ਰਸ਼ਾਸਨ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਮੌਜੂਦ ਰਹੇ।
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 13 ਅਗਸਤ ਨੂੰ ਜੋ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ, ਉਸ ‘ਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਵਰਕਰ ਕੱਲ੍ਹ ਸੜਕਾਂ ‘ਤੇ ਉਤਰ ਕੇ ਰਵਿਦਾਸ ਭਾਈਚਾਰੇ ਦਾ ਸਮਰਥਨ ਦਿੰਦੇ ਹੋਏ ਭਾਜਪਾ ਅਤੇ ਆਰ. ਐੱਸ. ਐੱਸ. ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦਿੱਲੀ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦੇ ਪਿੱਛੇ ਆਰ.ਐੱਸ.ਐੱਸ. ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੌਰਾਨ ਵਿਧਇਕ ਸੁਸ਼ੀਲ ਰਿੰਕੂ, ਰਾਜਿੰਦਰ ਬੇਰੀ, ਬਾਵਾ ਹੈਨਰੀ, ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ।