ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਹਨ। ਦੌਰੇ ਦੀ ਸ਼ੁਰੂਆਤ ਕਰਦਿਆਂ ਉਹ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਦਾ ਵਿਰੋਧ ਕਰਨ ਕਾਰਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਗੁਰਦਾਸਪੁਰ ਤੋਂ ਬਾਅਦ ਅਮਿਤ ਸ਼ਾਹ ਦਾ ਅਗਲਾ ਪੜਾਅ ਸੰਗਰੂਰ ਹੋਵੇਗਾ। ਉਹ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਹਲਕੇ ਅਧੀਨ ਪੈਂਦੇ ਪਿੰਡ ਤੂਰ ਬੰਜਾਰਾ ਜਾਣਗੇ। ਇਸ ਪਿੰਡ ‘ਚ ਗੁਲਜ਼ਾਰ ਸਿੰਘ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਸੀ, ਉਹ ਉੱਥੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।
ਇਸ ਤੋਂ ਬਾਅਦ ਗ੍ਰਹਿ ਮੰਤਰੀ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਘਰ ਜਾਣਗੇ। ਝੋਟਾ ਦਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਕਤਲ ਕਰ ਦਿੱਤਾ ਗਿਆ ਸੀ। ਉੱਥੇ, ਇੱਕ ਸਥਾਨਕ ਪਾਰਕ ਵਿੱਚ, ਉਹ ਝੋਟਾ ਦੇ ਪਿਤਾ, ਪਤਨੀ ਅਤੇ ਪੁੱਤਰਾਂ ਨੂੰ ਮਿਲਣਗੇ। ਅਮਿਤ ਸ਼ਾਹ ਦੇ ਦੌਰੇ ਦਾ ਆਖ਼ਰੀ ਪੜਾਅ ਲੁਧਿਆਣਾ ਹੋਵੇਗਾ। ਉਹ ਸ਼ਾਮ ਨੂੰ ਦਰੇਸੀ ਗਰਾਊਂਡ ‘ਚ ਸ਼ਹਿਰ ਦੇ ਸਭ ਤੋਂ ਵੱਡੇ ਦੁਸਹਿਰਾ ਮੇਲੇ ਵਿੱਚ ਸ਼ਾਮਲ ਹੋਣਗੇ ਅਤੇ ਰਾਵਣ ਦਹਨ ਕਰਨਗੇ।