ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਜੁੜੇ ਆਪਣੇ ਫੈਸਲੇ ਦੀ ਮੁੜ ਜਾਂਚ ਕਰੇਗੀ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ 23 ਸਤੰਬਰ ਨੂੰ ਇਸ ਮੁੱਦੇ ’ਤੇ ਵੱਖ-ਵੱਖ ਰਾਇ ਦਿੱਤੀ ਸੀ ਕਿ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਚੋਣ ਲਈ ਗਠਿਤ ਕਮੇਟੀ ਤੋਂ ਦੇਸ਼ ਦੇ ਚੀਫ਼ ਜਸਟਿਸ ਨੂੰ ਬਾਹਰ ਰੱਖਣ ਵਾਲੇ 2023 ਦੇ ਕਾਨੂੰਨ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਡੇ ਸੰਵਿਧਾਨਕ ਬੈਂਚ ਕੋਲ ਭੇਜਿਆ ਜਾਵੇ ਜਾਂ ਨਹੀਂ।
ਜਸਟਿਸ ਦੱਤਾ ਨੇ ਕਿਹਾ ਸੀ ਕਿ ਮਾਮਲੇ ਨੂੰ ਵੱਡੇ ਬੈਂਚ ਕੋਲ ਭੇਜਣ ਦੀ ਲੋੜ ਨਹੀਂ ਹੈ। ਉੱਥੇ ਹੀ, ਜਸਟਿਸ ਸ਼ਰਮਾ ਨੇ ਮਾਮਲੇ ਨੂੰ ਵੱਡੇ ਬੈਂਚ ਕੋਲ ਭੇਜਣ ਦਾ ਸਮਰਥਨ ਕੀਤਾ ਸੀ। ਇਸ ਫੈਸਲੇ ’ਤੇ ਅਰਜ਼ੀ ਵਿਚ ਜਸਟਿਸ ਸਤੀਸ਼ ਚੰਦਰ ਸ਼ਰਮਾ ਨੂੰ ਲੈ ਕੇ ਪੱਖਪਾਤ ਦਾ ਖ਼ਦਸ਼ਾ ਜਤਾਇਆ ਗਿਆ ਹੈ। ਉਨ੍ਹਾਂ ਦੇ ਬੇਟੇ ਮੱਧ ਪ੍ਰਦੇਸ਼ ਹਾਈ ਕੋਰਟ ਵਿਚ ਇਲੈਕਸ਼ਨ ਕਮਿਸ਼ਨ ਆਫ਼ ਇੰਡੀਆ ਦੇ ਸਟੈਂਡਿੰਗ ਕੌਂਸਲ ਹਨ।
ਸੀਨੀਅਰ ਐਡਵੋਕੇਟ ਗੋਪਾਲ ਸ਼ੰਕਰਨਾਰਾਇਣਨ ਨੇ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਵਾਲੀ ਪਟੀਸ਼ਨ ਦਾ ਬੁੱਧਵਾਰ ਨੂੰ ਜ਼ਿਕਰ ਕੀਤਾ। ਸ਼ੰਕਰਨਾਰਾਇਣਨ ਨੇ ਅਦਾਲਤ ਨੂੰ ਦੱਸਿਆ ਕਿ ਇਸ ਪਟੀਸ਼ਨ ਦਾ ਜ਼ਿਕਰ ਪਹਿਲਾਂ ਜਸਟਿਸ ਦੱਤਾ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਕੀਤਾ ਗਿਆ ਸੀ ਪਰ ਬਾਅਦ ਵਿਚ ਮਾਮਲਾ ਉਸ ਬੈਂਚ ਤੋਂ ਹਟਾ ਲਿਆ ਗਿਆ ਅਤੇ ਉਨ੍ਹਾਂ ਨੂੰ ਇਸ ਨੂੰ ਚੀਫ਼ ਜਸਟਿਸ ਦੇ ਸਾਹਮਣੇ ਰੱਖਣ ਲਈ ਕਿਹਾ ਗਿਆ।















