ਜਬਰ-ਜ਼ਿਨਾਹ ਮਾਮਲੇ ਨੂੰ ਲੈ ਕੇ ਅਦਾਲਤ ‘ਚ ਆਤਮ-ਸਮਰਪਣ ਕਰ ਸਕਦੇ ਨੇ ‘ਸਿਮਰਜੀਤ ਬੈਂਸ’

ਲੁਧਿਆਣਾ : ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਦਾਲਤ ‘ਚ ਆਤਮ-ਸਮਰਪਣ ਕਰ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ “ਚ ਆਤਮ-ਸਮਰਪਣ ਕੀਤਾ ਜਾ ਸਕਦਾ ਹੈ। ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਨੂੰ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਬੈਂਸ ਲਈ ਹੁਣ ਸਾਰੇ ਰਾਹ ਬੰਦ ਹੁੰਦੇ ਦਿਖਾਈ ਦੇ ਰਹੇ ਹਨ। ਅਜਿਹੇ ‘ਚ ਸਿਮਰਜੀਤ ਬੈਂਸ ਵੱਲੋਂ ਪੁਲਸ ਦੇ ਸਾਹਮਣੇ ਆਤਮ-ਸਮਰਪਣ ਕੀਤੇ ਜਾਣ ਦੇ ਕਿਆਸ ਲਾਏ ਜਾ ਰਹੇ ਹਨ।
ਪੁਲਸ ਨੇ ਮਾਲੇਰਕੋਟਲਾ ਤੋਂ ਇਕ ਹੋਰ ਸ਼ਖ਼ਸ ਨੂੰ ਕੀਤਾ ਗ੍ਰਿਫ਼ਤਾਰ
ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਇਕ ਹੋਰ ਸਾਥੀ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡਵੀਜ਼ਨ ਨੰਬਰ-6 ਦੀ ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਧੂਬਾਲਾ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਸੁਖਚੈਨ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ। ਪੁਲਸ ਨੇ ਐਤਵਾਰ ਦੇਰ ਰਾਤ ਸੁਖਚੈਨ ਸਿੰਘ ਨੂੰ ਮਾਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਇਸ ਦੇ ਨਾਲ ਹੀ ਇਸ ਮਾਮਲੇ ‘ਚ ਹੁਣ ਤੱਕ ਫੜ੍ਹੇ ਗਏ ਦੋਸ਼ੀਆਂ ਦੀ ਗਿਣਤੀ 2 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਵੱਲੋਂ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਰਮਜੀਤ ਬੈਂਸ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਪੁਲਸ ਵੱਲੋਂ ਲਿਆ ਗਿਆ ਹੈ।