ਜਲੰਧਰ : ਅਹੁਦਾ ਸੰਭਾਲਦੇ ਹੀ ਡਿਪਟੀ ਕਮਿਸ਼ਨਰ ਨੇ ਕੀਤੀਆਂ ਤਾਬੜਤੋੜ ਮੀਟਿੰਗਾਂ

ਜਲੰਧਰ, – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਆਪਣਾ ਅਹੁਦਾ ਸੰਭਾਲਦੇ ਹੀ ਐਕਸ਼ਨ ਵਿਚ ਆ ਗਏ ਹਨ। ਬੀਤੇ ਦਿਨ ਉਨ੍ਹਾਂ ਨੇ ਅਹੁਦਾ ਸੰਭਾਲਦੇ ਹੀ ਪ੍ਰਸ਼ਾਸਨਿਕ, ਸਿਹਤ ਵਿਭਾਗ,ਆਬਕਾਰੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਬੜਤੋੜ ਮੀਟਿੰਗਾਂ ਕੀਤੀਆਂ।
ਇਸ ਦੌਰਾਨ ਉਨ੍ਹਾਂ ਨੇ ਆਪਣੀ ਤੇਜ਼ ਤਰਾਰ ਕਾਰਜਸ਼ੈਲੀ ਤੋਂ ਜਾਣੂ ਕਰਵਾਉਂਦੇ ਹੋਏ ਜਿੱਥੇ ਵਿਭਾਗੀ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਦਫਤਰਾਂ ਨਾਲ ਸਬੰਧਤ ਕੰਮਾਂ ਵਿਚ ਲੇਟ-ਲਤੀਫੀ ਬਰਦਾਸ਼ਤ ਨਹੀਂ ਕਰਨਗੇ, ਉਥੇ ਹੀ ਕੋਵਿਡ-19 ਦੇ ਪ੍ਰਬੰਧਾਂ ਅਤੇ ਜ਼ਿਲੇ ਵਿਚ ਨਾਜਾਇਜ਼ ਸ਼ਰਾਬ ਮਾਫੀਆ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਾਹਮਣੇ ਆਪਣਾ ਨਜ਼ਰੀਆ ਸਪੱਸ਼ਟ ਕਰ ਦਿੱਤਾ । ਜ਼ਿਕਰਯੋਗ ਹੈ ਕਿ ਜਲੰਧਰ ਦੇ ਸਾਬਕਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਾਂਗ ਇਕ ਵਾਰ ਫਿਰ ਤਜ਼ਰਬੇਕਾਰ ਅਤੇ ਨੌਜਵਾਨ ਡਿਪਟੀ ਕਮਿਸ਼ਨਰ ਜ਼ਿਲੇ ਨੂੰ ਮਿਲਿਆ ਹੈ।
ਕੋਵਿਡ-19 ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਿਹਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜਲੰਧਰ ਨੂੰ ਕੋਰੋਨਾ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਪੂਰਾ ਕਰੇ। ਪ੍ਰਸ਼ਾਸਨਿਕ ਕੰਪਲੈਕਸ ਵਿਚ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਜੰਗ ਵਿਚ ਹਰ ਹਾਲ ਜਿੱਤ ਪ੍ਰਾਪਤ ਕਰਨੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਰੋਗ ਦੀ ਪਛਾਣ ਅਤੇ ਇਲਾਜ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਹਰਿੰਦਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਨੂੰ ਜ਼ਿਲੇ ਨਾਲ ਸਬੰਧਤ 381 ਸਰਗਰਮ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਿਪੋਰਟ ਦਿੰਦੇ ਹੋਏ ਮਹਾਮਾਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਦੱਸਿਆ।
ਸ਼ਰਾਬ ਮਾਫੀਆ ਖਿਲਾਫ ਸਖ਼ਤ ਕਾਰਵਾਈ ਹੋਵੇ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਆਬਕਾਰੀ ਵਿਭਾਗ ਦੇ ਅਧਿਕਾਰੀ ਨੂੰ ਹੁਕਮ ਦਿੱਤੇ ਹਨ ਕਿ ਜ਼ਿਲੇ ਵਿਚ ਸ਼ਰਾਬ ਦੀ ਸਮਗਲਿੰਗ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਜਿਹੀ ਕਾਰਵਾਈ ਵਿਚ ਸ਼ਾਮਲ ਮੁਲਜ਼ਮਾਂ ਖਿਲਾਫ ਡਿਜਾਸਟਰ ਮੈਨੇਜਮੈਂਟ ਅਤੇ ਐਪੀਡੈਮਿਕ ਐਕਟ ਅਧੀਨ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ।
ਫਾਈਲਾਂ ਲਟਕਾਉਣ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ
ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ। ਬਿਨਾਂ ਵਜ੍ਹਾ ਕੰਮ ਦੇਰੀ ਨਾਲ ਕਰਨ ਵਾਲੇ ਕਰਮਚਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਬੰਧਤ ਵਿਭਾਗ ਦੇ ਕਰਮਚਾਰੀਆਂ ਨਾਲ ਇਕ ਬੈਠਕ ਦੌਰਾਨ ਦਿੱਤੇ। ਉਨ੍ਹਾਂ ਕਿਹਾ ਕਿ ਬਿਨਾਂ ਕਾਰਣ ਕੋਈ ਮਾਮਲਾ ਪੈਂਡਿੰਗ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵਲੋਂ ਲਗਾਤਾਰ ਪੈਂਡੈਂਸੀ ਦਾ ਜਾਇਜ਼ਾ ਲਿਆ ਜਾਵੇਗਾ।