ਜਲੰਧਰ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਤਹਿਤ ਜਲੰਧਰ ਵਿਖੇ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਵੇਖਣ ਨੂੰ ਮਿਲਿਆ। ਇਥੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਡੂੰਘਾਈ ਨਾਲ ਨਜ਼ਰ ਰੱਖੀ ਜਾ ਰਹੀ ਸੀ। ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਨਸ਼ਾ ਤਸ਼ਕਰਾਂ ਵੱਲੋਂ ਸਰਕਾਰੀ ਜ਼ਮੀਨ ’ਤੇ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਇਹ ਕਾਰਵਾਈ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਇਸ ਇਲਾਕੇ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵੱਲ ਇਕ ਮਹੱਤਵਪੂਰਨ ਕਦਮ ਹੈ।
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਦੀਪਾ ਨੇ ਸਰਕਾਰੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਇਕ ਹਿਸਟਰੀ ਸ਼ੀਟਰ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ 9 ਕੇਸ ਜਿਨ੍ਹਾਂ ਵਿੱਚ 7 ਐੱਨ. ਡੀ. ਪੀ. ਐੱਸ. ਐਕਟ ਨਾਲ ਸਬੰਧਤ ਹਨ, ਉਹ ਦਰਜ ਹਨ। ਉਸ ਦੇ ਪਿਤਾ ਸਰਬਜੀਤ ਸਿੰਘ ਅਤੇ ਭਰਾ ਸੰਦੀਪ ਉਰਫ਼ ਸੋਨੂੰ ‘ਤੇ ਵੀ ਮਾਮਲੇ ਦਰਜ ਹਨ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਉਸਾਰੀਆਂ ਨੂੰ ਪੁਲਸ ਛਾਪੇਮਾਰੀ ਦੌਰਾਨ ਭੱਜਣ ਲਈ ਵਰਤਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਕੇ ਇਨ੍ਹਾਂ ਦੇ ਭੱਜਣ ਦੀਆਂ ਸੰਭਾਵਨਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਵੱਲੋਂ ਇਸ ਪਿੰਡ ’ਤੇ ਲੱਗੇ ਬਦਨਾਮੀ ਦੇ ਦਾਗ ਨੂੰ ਧੋਣ ਲਈ ਛਾਪੇਮਾਰੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਹਾਟਸਪਾਟ ਇਸ ਕੇਂਦਰ ’ਤੇ ਕਾਰਵਾਈ ਕਰਨ ਤੋਂ ਪਹਿਲਾਂ 9 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਹੋਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਭੱਜ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਇਲਾਵਾ ਪੁਲਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਜ਼ਬਤ ਕੀਤੀਆਂ ਜਾਣ ਵਾਲੀਆਂ ਦੋ ਹੋਰ ਜਾਇਦਾਦਾਂ ਦੀ ਪਹਿਚਾਣ ਵੀ ਕਰ ਲਈ ਗਈ ਹੈ। ਨਸ਼ਿਆਂ ਖਿਲਾਫ਼ ਉਸਾਰੂ ਸੋਚ ਅਪਣਾਉਂਦਿਆਂ ਪਿੰਡ ਲਖਨਪਾਲ ਦੀ ਪੰਚਾਇਤ ਵੱਲੋਂ ਵੀ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਇਸ ਲੜਾਈ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਵੱਲੋਂ ਨਸ਼ਾ ਮਾਫ਼ੀਆ ਖ਼ਿਲਾਫ਼ ਕੀਤੀ ਗਈ ਬੁਲਡੋਜ਼ਰ ਕਾਰਵਾਈ ਦਾ ਸੁਆਗਤ ਕਰਦਿਆਂ ਆਸ ਪ੍ਰਗਟਾਈ ਗਈ ਕਿ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਜਾ ਰਹੀ ਕਾਰਵਾਈ ਸਦਕਾ ਜਲਦੀ ਹੀ ਪਿੰਡ ਨਸ਼ਾ ਮੁਕਤ ਹੋਵੇਗਾ।ਪੁਲਸ ਕਮਿਸ਼ਨਰ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਜੇਕਰ ਕੋਈ ਵੀ ਗਤੀਵਿਧੀ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ 9779-100-200 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਸੂਚਨਾ ਦੇਣ ਵਾਲੀ ਦੀ ਪਛਾਣ ਗੁਪਤ ਰੱਖੀ ਜਾਵੇਗੀ।















