ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ

ਜਲੰਧਰ –ਵੈਸਟ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੀਰਵਾਰ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਨੂੰ ਦਾਖ਼ਲ ਕਰਵਾਏ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੇ ਤੌਰ ’ਤੇ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਦੇ ਤੌਰ ’ਤੇ ਬਿੰਦਰ ਕੁਮਾਰ ਲੱਖਾ ਅਤੇ ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਇਕਬਾਲ ਚੰਦ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਦੇ ਤੌਰ ’ਤੇ ਅਜੈ ਕੁਮਾਰ ਭਗਤ ਅਤੇ ਨੀਟੂ ਸ਼ਟਰਾਂ ਵਾਲੇ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਇਸ ਤੋਂ ਪਹਿਲਾਂ 3 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ, ਜਿਸ ਦੇ ਨਾਲ ਹੁਣ ਤਕ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਜਮ੍ਹਾ ਕਰਵਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਜੂ ਅੰਗੁਰਾਲ ਨੇ ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਦੇ ਤੌਰ ’ਤੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ 21 ਜੂਨ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਦੀ ਆਖ਼ਰੀ ਤਾਰੀਖ਼ ਹੈ। ਦੱਸਣਯੋਗ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਵਿਧਾਇਕੀ ਦੇ ਤੌਰ ‘ਤੇ ਅਸਤੀਫ਼ਾ ਦੇਣ ਮਗਰੋਂ ਜਲੰਧਰ ਵੈਸਟ ਹਲਕੇ ਦੀ ਸੀਟ ਖ਼ਾਲੀ ਹੋਈ ਸੀ।