ਜ਼ੀਰਕਪੁਰ ‘ਚ ਈ. ਡੀ. ਦੀ ਕਾਰਵਾਈ ਨਾਲ ਰੀਅਲ ਅਸਟੇਟ ਖੇਤਰ ‘ਚ ਹਲਚਲ

ਜ਼ੀਰਕਪੁਰ : ਜ਼ੀਰਕਪੁਰ ਦੇ ਰੀਅਲ ਅਸਟੇਟ ਸੁਸਾਇਟੀ ਖੇਤਰ ‘ਚ ਮੰਗਲਵਾਰ ਸਵੇਰ ਤੋਂ ਉਸ ਸਮੇਂ ਹਲਚਲ ਦਾ ਮਾਹੌਲ ਬਣ ਗਿਆ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਟੀਮ ਵੱਲੋਂ ਪ੍ਰਾਜੈਕਟ ਨਾਲ ਸਬੰਧਿਤ ਦਫ਼ਤਰ ‘ਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ। ਸਵੇਰ ਤੋਂ ਹੀ ਦਫ਼ਤਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਨਜ਼ਰ ਆਏ। ਸੁਰੱਖਿਆ ਕਰਮਚਾਰੀਆਂ ਵੱਲੋਂ ਦਫ਼ਤਰ ਦੇ ਆਲੇ-ਦੁਆਲੇ ਦੇ ਖੇਤਰ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਵੀ ਸੀਮਤ ਰੱਖਿਆ ਗਿਆ ਸੀ। ਮੌਕੇ ‘ਤੇ ਮੌਜੂਦ ਲੋਕਾਂ ਦੇ ਅਨੁਸਾਰ ਸਵੇਰ ਦੇ ਸਮੇਂ ਤੋਂ ਹੀ ਜਾਂਚ ਟੀਮ ਵੱਲੋਂ ਦਫ਼ਤਰ ਦੇ ਅੰਦਰ ਕਾਰਵਾਈ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਪੂਰੇ ਖੇਤਰ ਵਿੱਚ ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ। ਦਿਨ ਭਰ ਕਈ ਲੋਕ ਇਸ ਕਾਰਵਾਈ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ।
ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਦਫ਼ਤਰ ਦੇ ਨੇੜੇ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਸੀ। ਇਸ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਰੀਅਲ ਅਸਟੇਟ ਖੇਤਰ ਨਾਲ ਜੁੜੇ ਲੋਕਾਂ ਅਤੇ ਨਿਵੇਸ਼ਕਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸਥਾਨਕ ਪੱਧਰ ‘ਤੇ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਅੰਦਾਜ਼ੇ ਵੀ ਲਗਾਏ ਜਾ ਰਹੇ ਹਨ ਕਿ ਆਖ਼ਰ ਜਾਂਚ ਦਾ ਕੇਂਦਰ ਕੀ ਹੋ ਸਕਦਾ ਹੈ। ਸ਼ਹਿਰ ‘ਚ ਚੱਲ ਰਹੀਆਂ ਚਰਚਾਵਾਂ ਦੌਰਾਨ ਇਸ ਕਾਰਵਾਈ ਨੂੰ ਸੂਬੇ ‘ਚ ਪਿਛਲੇ ਸਮੇਂ ਤੋਂ ਚਰਚਾ ‘ਚ ਰਹੇ ਸੀ. ਐੱਲ. ਯੂ. ਮਾਮਲਿਆਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ, ਮਨਜ਼ੂਰੀਆਂ ਅਤੇ ਰੀਅਲ ਅਸਟੇਟ ਪ੍ਰਾਜੈਕਟਾਂ ਨਾਲ ਜੁੜੇ ਕਈ ਮਾਮਲੇ ਵੀ ਚਰਚਾ ਦਾ ਵਿਸ਼ਾ ਬਣਦੇ ਰਹੇ ਹਨ, ਜਿਸ ਕਾਰਨ ਲੋਕਾਂ ਵਿਚਾਲੇ ਇਸ ਮਾਮਲੇ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।
ਇਸੇ ਦੌਰਾਨ ਸਥਾਨਕ ਪੱਧਰ ‘ਤੇ ਇਹ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਰੀਅਲ ਅਸਟੇਟ ਵਿਖੇ ਰੀਅਲ ਅਸਟੇਟ ਕਾਰੋਬਾਰ ਨਾਲ ਜੁੜੇ ਪਰਵੀਨ ਕੰਸਲ ਉਰਫ਼ ਰੋਕੀ ਕੰਸਲ ਦਾ ਦਫ਼ਤਰ ਹੋਣ ਕਾਰਨ ਕੁੱਝ ਲੋਕ ਇਸ ਕਾਰਵਾਈ ਨੂੰ ਉਨ੍ਹਾਂ ਦੇ ਨਾਮ ਨਾਲ ਜੋੜ ਕੇ ਵੀ ਦੇਖ ਰਹੇ ਹਨ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰਤ ਏਜੰਸੀ ਵੱਲੋਂ ਨਾ ਤਾਂ ਕਿਸੇ ਵਿਅਕਤੀ ਦਾ ਨਾਮ ਜਨਤਕ ਕੀਤਾ ਗਿਆ ਸੀ ਅਤੇ ਨਾ ਹੀ ਕਿਸੇ ਖ਼ਾਸ ਮਾਮਲੇ ਬਾਰੇ ਕੋਈ ਪੁਸ਼ਟੀ ਕੀਤੀ ਗਈ ਸੀ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਜਾਂਚ ਟੀਮ ਵੱਲੋਂ ਕੁੱਝ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਵੀ ਕੋਈ ਅਧਿਕਾਰਤ ਵੇਰਵਾ ਸਾਹਮਣੇ ਨਹੀਂ ਆਇਆ। ਖ਼ਬਰ ਲਿਖੇ ਜਾਣ ਤੱਕ ਨਾ ਤਾਂ ਈਡੀ ਵੱਲੋਂ ਇਸ ਕਾਰਵਾਈ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਸੀ ਅਤੇ ਨਾ ਹੀ ਸੰਬੰਧਿਤ ਪੱਖ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਆਈ ਸੀ।