ਜੇਲ੍ਹ ‘ਚ ਬੰਦ ਇਮਰਾਨ ਖ਼ਾਨ ਨੂੰ ਕੀਤਾ ਜਾ ਰਿਹੈ ਟਾਰਚਰ ! ਭੈਣ ਉਜ਼ਮਾ ਖ਼ਾਨ ਨੇ ਲਾਏ ਗੰਭੀਰ ਇਲਜ਼ਾਮ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਭੈਣ ਉਜ਼ਮਾ ਖ਼ਾਨ ਨੇ ਦੋਸ਼ ਲਗਾਇਆ ਹੈ ਕਿ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ‘ਚ ਬੰਦ ਉਨ੍ਹਾਂ ਦੇ ਭਰਾ ‘ਤੇ ਲਗਾਤਾਰ ਮਾਨਸਿਕ ਅਤੇ ਸਰੀਰਕ ਤਸ਼ੱਦਦ ਕੀਤਾ ਜਾ ਰਿਹਾ ਹੈ। ਉਜ਼ਮਾ ਖ਼ਾਨ ਨੇ ਇਮਰਾਨ ਖ਼ਾਨ ਦੀ ਹਸਪਤਾਲ ‘ਚ ਜਾਂਚ ਦੌਰਾਨ ਮੁਲਾਕਾਤ ਕਰਨ ਤੋਂ ਬਾਅਦ ਦੱਸਿਆ ਕਿ ਇਮਰਾਨ ਖ਼ਾਨ ਨੇ ਖੁਦ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ 10 ਮਹੀਨਿਆਂ ਤੋਂ ਉਨ੍ਹਾਂ ਨੂੰ ਇਕਾਂਤਵਾਸ ‘ਚ ਰੱਖ ਕੇ ਉਨ੍ਹਾਂ ‘ਤੇ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਥਿਤੀ ਦੀ ਤੁਲਨਾ ਮਿਸਰ ਦੇ ਸਾਬਕਾ ਰਾਸ਼ਟਰਪਤੀ ਮੁਹੰਮਦ ਮੋਰਸੀ ਨਾਲ ਕੀਤੀ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਦੀ ਬਲੱਡ ਪ੍ਰੈਸ਼ਰ ਅਤੇ ਅੱਖਾਂ ਦੀ ਜਾਂਚ ਲਈ ਉਨ੍ਹਾਂ ਨੂੰ ਇਸਲਾਮਾਬਾਦ ਦੇ ਇੱਕ ਨਿੱਜੀ ਹਸਪਤਾਲ ਲੈ ਕੇ ਜਾਣ ਦੇ ਹੁਕਮ ਦਿੱਤੇ ਸਨ। ਪਰ ਪ੍ਰਸ਼ਾਸਨ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਕੁਝ ਹੀ ਘੰਟਿਆਂ ‘ਚ ਜਾਂਚ ਤੋਂ ਬਾਅਦ ਵਾਪਸ ਜੇਲ੍ਹ ਭੇਜ ਦਿੱਤਾ।
ਇਮਰਾਨ ਖ਼ਾਨ ਦੀ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼’ (PTI) ਨੇ ਸਰਕਾਰ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਅਦਾਲਤ ‘ਚ ਤੌਹੀਨ ਦਾ ਮਾਮਲਾ ਦਰਜ ਕਰਵਾਇਆ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਟਾਰਚਰ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਟੀਮ ਨੇ ਇਮਰਾਨ ਖ਼ਾਨ ਦੀ ਪੂਰੀ ਜਾਂਚ ਕੀਤੀ ਹੈ ਅਤੇ ਉਨ੍ਹਾਂ ਨੂੰ ਡਾਕਟਰੀ ਤੌਰ ‘ਤੇ ਪੂਰੀ ਤਰ੍ਹਾਂ ‘ਫਿੱਟ’ ਪਾਇਆ ਗਿਆ ਹੈ, ਪਰ ਭੈਣ ਉਜ਼ਮਾ ਵੱਲੋਂ ਲਗਾਏ ਗਏ ਇਲਜ਼ਾਮ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਰਹੇ ਹਨ।